ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਦੀ ਨੂਰਪੁਰ ਜੱਟਾਂ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ
Publish Date: Fri, 09 Oct 2026 06:43 PM (IST)
Updated Date: Fri, 09 Oct 2026 06:44 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਦੀ ਨੂਰਪੁਰ ਜੱਟਾਂ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸਭਾ ਵਿਖੇ ਅੱਜ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਗੁਰਯਾਦਵਿੰਦਰ ਸਿੰਘ, ਇੰਸਪੈਕਟਰ ਅਤਿੰਦਰ ਪਾਲ ਸਿੰਘ, ਇੰਸਪੈਕਟਰ ਅਮਨਪ੍ਰੀਤ ਸਿੰਘ, ਮੀਤ-ਪ੍ਰਧਾਨ ਗੁਰਪ੍ਰੀਤ ਸਿੰਘ, ਸਰਪੰਚ ਜਸਵਿੰਦਰ ਸਿੰਘ ਤੇ ਆਈਟੀਸੀ ਵੱਲੋਂ ਮਦਨ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਕਮੀ ਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਹਾਇਕ ਰਜਿਸਟਰਾਰ ਗੁਰਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਤੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਇੰਸਪੈਕਟਰ ਅਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੀ ਨੂਰਪੁਰ ਜੱਟਾਂ ਸਹਿਕਾਰੀ ਬਹੁਮੰਤਵੀ ਸਭਾ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਨਾਲ ਸਬੰਧਤ ਲੋੜੀਂਦੇ ਖੇਤੀਬਾੜੀ ਸੰਦ/ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਉਹ ਸਹਿਕਾਰੀ ਸਭਾ ਵੱਲੋਂ ਉਪਲਬਧ ਕਰਵਾਏ ਜਾ ਰਹੇ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਪਰਾਲੀ ਦੇ ਪ੍ਰਬੰਧਨ ਲਈ ਇਨ੍ਹਾਂ ਦਾ ਸਮੇਂ ਸਿਰ ਲਾਭ ਲੈਣ।