ਉਗਰੂਪੁਰ ਡੱਲਾ ’ਚ ਜਾਗਰੂਕਤਾ ਕੈਂਪ ਲਗਾਇਆ ਉਗਰੂਪੁਰ ਡੱਲਾ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ
Publish Date: Sat, 10 Oct 2026 07:00 PM (IST)
Updated Date: Sat, 10 Oct 2026 07:02 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਉਗਰੂਪੁਰ ਡੱਲਾ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਡਾ. ਜਗਜੀਤ ਸਿੰਘ, ਐੱਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਸਪ੍ਰੀਤ ਸਿੰਘ ਤੇ ਏਆਰ ਸਹਿਕਾਰੀ ਸਭਾਵਾਂ, ਸੁਲਤਾਨਪੁਰ ਲੋਧੀ ਮਨਮੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਕਮੀ ਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾ. ਜਗਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਤੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਐੱਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਸਪ੍ਰੀਤ ਸਿੰਘ ਨੇ ਪਰਾਲੀ ਸਾੜਨ ਨਾਲ ਵਾਤਾਵਰਣ ਤੇ ਹਵਾ ਦੀ ਗੁਣਵੱਤਾ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਹਰੇਕ ਕਿਸਾਨ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਮਨਮੀਤ ਸਿੰਘ ਨੇ ਦੱਸਿਆ ਕਿ ਉਗਰੂਪੁਰ ਡੱਲਾ ਸਹਿਕਾਰੀ ਸਭਾ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਨਾਲ ਸਬੰਧਤ ਲੋੜੀਂਦੇ ਖੇਤੀਬਾੜੀ ਸੰਦ/ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਉਹ ਸਹਿਕਾਰੀ ਸਭਾ ਵੱਲੋਂ ਉਪਲਬਧ ਕਰਵਾਏ ਜਾ ਰਹੇ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਪਰਾਲੀ ਦੇ ਪ੍ਰਬੰਧਨ ਲਈ ਇਨ੍ਹਾਂ ਦਾ ਸਮੇਂ ਸਿਰ ਲਾਭ ਲੈਣ।