ਠੱਟਾ ਸਹਿਕਾਰੀ ਸਭਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਠੱਟਾ ਸਹਿਕਾਰੀ ਸਭਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ
Publish Date: Fri, 16 Oct 2026 08:57 PM (IST)
Updated Date: Fri, 16 Oct 2026 09:00 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਤੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਠੱਟਾ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਵਿੱਚ ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਜ਼ਿਲ੍ਹਾ ਕਪੂਰਥਲਾ ਡਾ. ਜਗਜੀਤ ਸਿੰਘ, ਪੀਸੀਐੱਸ ਤੇ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਸੁਲਤਾਨਪੁਰ ਲੋਧੀ ਮਨਮੀਤ ਸਿੰਘ, ਇੰਸਪੈਕਟਰ ਸੰਦੀਪ ਸਿੰਘ, ਇੰਸਪੈਕਟਰ ਸੁਖਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਡਾ. ਜਗਜੀਤ ਸਿੰਘ ਨੇ ਕਿਸਾਨਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਸਮੇਂ ਦੀ ਲੋੜ ਹੈ ਤੇ ਇਸ ਸਬੰਧੀ ਹਰ ਕਿਸਾਨ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਣ ਸੁਰੱਖਿਆ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ, ਲੋਕਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਦਾ ਹੈ ਤੇ ਮਿੱਟੀ ਦੇ ਕੁਦਰਤੀ ਗੁਣਾਂ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਵਿਗਿਆਨਕ ਤਰੀਕੇ ਅਪਣਾਉਣ ਤੇ ਉਪਲਬਧ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਨੂੰ ਤਰਜੀਹ ਦੇਣ। ਸਹਾਇਕ ਰਜਿਸਟਰਾਰ ਮਨਮੀਤ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਤੱਕ ਸਰਕਾਰੀ ਜਾਗਰੂਕਤਾ ਮੁਹਿੰਮਾਂ ਤੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਪਹੁੰਚਾਉਣ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਸਭਾ ਦੇ ਪ੍ਰਬੰਧਕਾਂ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਸਹੂਲਤਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ, ਲੋੜੀਂਦੀ ਮਸ਼ੀਨਰੀ ਸਬੰਧੀ ਸਮੇਂ ਸਿਰ ਤਾਲਮੇਲ ਕਰਨ ਤੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਹਿਯੋਗ ਦੇਣ। ਸਭਾ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਰਾਲੀ ਨਾ ਸਾੜਨ ਦਾ ਫ਼ੈਸਲਾ ਕਿਸਾਨਾਂ, ਆਉਣ ਵਾਲੀਆਂ ਪੀੜ੍ਹੀਆਂ ਤੇ ਸਮੁੱਚੇ ਸਮਾਜ ਦੇ ਹਿੱਤ ਵਿੱਚ ਹੈ। ਉਨ੍ਹਾਂ ਸਭਾ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਕੈਂਪ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਸਾੜਨ ਤੋਂ ਬਚਣ, ਨਿਰਧਾਰਤ ਹਦਾਇਤਾਂ ਦੀ ਪਾਲਣਾ ਕਰਨ ਤੇ ਸਾਂਝੇ ਯਤਨਾਂ ਰਾਹੀਂ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ। ਇਸ ਮੌਕੇ ਪ੍ਰਧਾਨ ਮਨਜਿੰਦਰ ਸਿੰਘ, ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਨਿਰਮਲਜੀਤ ਸਿੰਘ, ਭੁਪਿੰਦਰ ਸਿੰਘ ਟਿੱਬਾ, ਮਨਿੰਦਰ ਸਿੰਘ, ਰਮਨਦੀਪ ਸਿੰਘ ਬੂਲ ਪੁਰ, ਸਕੱਤਰ ਬਰਜਿੰਦਰ ਸਿੰਘ ਬਿੱਧੀਪੁਰ, ਨਵਦੀਪ ਸਿੰਘ ਜੱਬੋਵਾਲ, ਪਰਮਿੰਦਰ ਸਿੰਘ ਸੈਦਪੁਰ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਵੀ ਹਾਜ਼ਰ ਸਨ।