ਮਹੇੜੂ ’ਚ ਜਾਗਰੂਕਤਾ ਕੈਂਪ ਲਗਾਇਆ ਮਹੇੜੂ ਵਿਖੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ
Publish Date: Thu, 15 Oct 2026 08:16 PM (IST)
Updated Date: Thu, 15 Oct 2026 08:18 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੇੜੂ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੇਵਾ ਸਭਾ ਲਿਮਟਿਡ, ਤਹਿਸੀਲ ਫਗਵਾੜਾ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ, ਵਾਤਾਵਰਨ ਦੀ ਸਾਫ਼-ਸਫ਼ਾਈ ਬਣਾਈ ਰੱਖਣ ਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਿਤ ਹੋਣ, ਮਿੱਟੀ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਣ ਅਤੇ ਵਾਤਾਵਰਨ ਦਾ ਸੰਤੁਲਨ ਵਿਗੜਨ ਵਰਗੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸੇਵਾ ਸਭਾ ਦੇ ਸੈਕਟਰੀ ਗੁਰਜੀਤ ਸਿੰਘ, ਪ੍ਰਧਾਨ ਜਸਵੀਰ ਸਿੰਘ, ਵਾਈਸ ਪ੍ਰਧਾਨ ਸੁਖਵਿੰਦਰ ਸਿੰਘ ਲੱਲੀ ਤੇ ਸਮੂਹ ਕਮੇਟੀ ਮੈਂਬਰ ਮੌਜੂਦ ਸਨ। ਕੈਂਪ ਰਾਹੀਂ ਕਿਸਾਨਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਸਾਫ਼-ਸੁਥਰੇ ਵਾਤਾਵਰਨ ਤੇ ਉਪਜਾਊ ਜ਼ਮੀਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕਿਸਾਨਾਂ ਦੇ ਸਹਿਯੋਗ ਨਾਲ ਹੀ ਪ੍ਰਦੂਸ਼ਣ ਨੂੰ ਘਟਾਉਣ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਵਾਤਾਵਰਨ ਯਕੀਨੀ ਬਣਾਉਣ ਦੇ ਯਤਨਾਂ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।