ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ : ਗਗਨਦੀਪ ਸਿੰਘ
ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ : ਗਗਨਦੀਪ ਸਿੰਘ
Publish Date: Tue, 31 Mar 2026 07:25 PM (IST)
Updated Date: Tue, 31 Mar 2026 07:28 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਹੁਣ ਪੂਰੀ ਤਰ੍ਹਾਂ ਨਾਲ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿਚ ਹੈ ਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਚਲਾਈ ਜਾ ਰਹੀ ਮੁਹਿੰਮ ਨੂੰ ਪੰਜਾਬ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਲੜਾਈ ਸਬੰਧੀ ਪੂਰੀ ਰਣਨੀਤੀ ਬਣਾਈ ਗਈ ਹੈ ਤੇ ਇਸ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੁਝ ਮੰਤਰੀਆਂ ਦੀ ਨਿਗਰਾਨ ਕਮੇਟੀ ਵੀ ਲਗਾਤਾਰ ਪੂਰਾ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨਸ਼ਾ ਮੁਕਤੀ ਮੋਰਚਾ ਖੋਲ੍ਹਿਆ ਹੈ। ਸਰਕਾਰ ਵੱਲੋਂ ਜਿਥੇ ਪੁਲਿਸ ਨੂੰ ਬਿਨਾਂ ਕਿਸੇ ਦਖਲ ਦੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦੇ ਅਧਿਕਾਰ ਦਿੱਤੇ ਗਏ ਹਨ, ਉਥੇ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਅਧਿਕਾਰੀ ਦੇ ਖੇਤਰ ਵਿਚ ਨਸ਼ਾ ਵਿਕੇਗਾ ਤਾਂ ਉਸਦੀ ਜ਼ਿੰਮੇਵਾਰੀ ਤੈਅ ਹੋਵੇਗੀ। ਉਨ੍ਹਾਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦ ਆਪਾਂ ਸਾਰੇ ਲੋਕ ਇਸ ਮੁਹਿੰਮ ਵਿਚ ਜੁੜਾਂਗੇ ਤਾਂ ਨਿਸ਼ਚੇ ਹੀ ਜਿੱਤ ਪੰਜਾਬ ਦੀ ਹੋਵੇਗੀ। ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐਂਟੀ ਡਰੱਗ ਕਲੱਬ ਵੱਲੋਂ ਵੀ ਪੂਰਨ ਰੂਪ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ ਤੇ ਨਿਰੰਤਰ ਪ੍ਰੋਗਰਾਮ ਕਰਵਾ ਕੇ ਸਕੂਲਾਂ, ਕਾਲਜਾਂ ਤੇ ਪਿੰਡਾਂ ਵਿਚ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਰੁਝਾਨ ਵਿਚੋਂ ਬਾਹਰ ਕੱਢਿਆ ਜਾ ਸਕੇ।