ਧੁੱਸੀ ਬੰਨ੍ਹ ’ਤੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੀਟਿੰਗ ਕੀਤੀ ਧੁੱਸੀ ਬੰਨ੍ਹ ’ਤੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੀਟਿੰਗ ਦਾ ਆਯੋਜਨ
Publish Date: Sun, 01 Nov 2026 08:22 PM (IST)
Updated Date: Sun, 01 Nov 2026 08:23 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਧੁੱਸੀ ਬੰਨ੍ਹ ’ਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਡਾ. ਜਗਜੀਤ ਸਿੰਘ ਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਸੁਲਤਾਨਪੁਰ ਲੋਧੀ ਮਨਮੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਸਬੰਧੀ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਆਹਲੀ ਕਲਾਂ ਸਹਿਕਾਰੀ ਸਭਾ ਦੇ ਮੈਂਬਰਾਂ ਤੇ ਨੇੜਲੇ ਪਿੰਡ ਬੂਲੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਜਗਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਉਪਜਾਊ ਸ਼ਕਤੀ ਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਮਨਮੀਤ ਸਿੰਘ ਨੇ ਸਹਿਕਾਰੀ ਸਭਾਵਾਂ ਰਾਹੀਂ ਉਪਲਬਧ ਕਰਵਾਈ ਜਾ ਰਹੀ ਬੇਲਰ ਸਮੇਤ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਦੋਵਾਂ ਅਧਿਕਾਰੀਆਂ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਵਾਤਾਵਰਣ ਦੀ ਸੰਭਾਲ ਲਈ ਜ਼ਿੰਮੇਵਾਰ ਨਾਗਰਿਕ ਵਜੋਂ ਆਪਣਾ ਯੋਗਦਾਨ ਪਾਉਣ। ਇਸ ਮੌਕੇ ਮੰਡ ਖੇਤਰ ਦੇ ਕਿਸਾਨ ਆਗੂ ਰਸ਼ਪਾਲ ਸਿੰਘ ਸੰਧੂ ਆਹਲੀ ਵੱਲੋਂ ਸਹਿਕਾਰਤਾ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਾਰ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਵੱਡੀ ਪੱਧਰ ’ਤੇ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਵੱਲੋਂ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਮੰਡ ਖੇਤਰ ਦੇ ਅਗਾਂਹਵਧੂ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।