ਜੱਬੋਵਾਲ ’ਚ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਕੀਤੀ ਜੱਬੋਵਾਲ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੀਟਿੰਗ
Publish Date: Sun, 01 Nov 2026 08:32 PM (IST)
Updated Date: Sun, 01 Nov 2026 08:35 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਜੱਬੋਵਾਲ ਕੋਆਪਰੇਟਿਵ ਸੁਸਾਇਟੀ ਵਿਖੇ ਪਰਾਲੀ ਸਾੜਨ ਦੀ ਰੋਕਥਾਮ ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਾ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਕਪੂਰਥਲਾ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਸੁਲਤਾਨਪੁਰ ਸਰਕਲ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਤੇ ਪਿੰਡ ਜੱਬੋਵਾਲ ਦੇ ਸਭਾ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਸੁਲਤਾਨਪੁਰ ਲੋਧੀ ਮਨਮੀਤ ਸਿੰਘ ਤੇ ਇੰਸਪੈਕਟਰ ਸੁਖਜੀਤ ਸਿੰਘ, ਸਕੱਤਰ ਨਵਦੀਪ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਡਾ. ਜਗਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਤੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਏਆਰ ਮਨਮੀਤ ਸਿੰਘ ਨੇ ਵੀ ਕਿਸਾਨਾਂ ਤੇ ਸਭਾ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ।