ਸ਼ਾਹਵਾਲਾ ਅੰਦਰੀਸਾ ਪੈਕਸ ’ਚ ਜਾਗਰੂਕਤਾ ਮੀਟਿੰਗ ਕੀਤੀ ਸ਼ਾਹਵਾਲਾ ਅੰਦਰੀਸਾ ਪੈਕਸ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੀਟਿੰਗ
Publish Date: Fri, 23 Oct 2026 06:53 PM (IST)
Updated Date: Fri, 23 Oct 2026 06:54 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ਾਹਵਾਲਾ ਅੰਦਰੀਸਾ ਪੈਕਸ ਵਿਖੇ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਮਨਮੀਤ ਸਿੰਘ ਵੱਲੋਂ ਸਭਾ ਦੇ ਮੈਂਬਰਾਂ ਤੇ ਸਥਾਨਕ ਕਿਸਾਨਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਨਮੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਤੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਿੱਚ ਵਾਧਾ ਹੋਣ, ਮਿੱਟੀ ਦੇ ਲਾਭਦਾਇਕ ਸੂਖਮ ਜੀਵਾਂ ਨੂੰ ਨੁਕਸਾਨ ਪਹੁੰਚਣ ਤੇ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੋਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਬੇਲਰ ਤੇ ਹੋਰ ਉਪਲਬਧ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਲੋੜ ਅਨੁਸਾਰ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਤੱਕ ਪਹੁੰਚ ਮੁਹੱਈਆ ਕਰਵਾਉਣ ਤੇ ਪਰਾਲੀ ਪ੍ਰਬੰਧਨ ਦੀ ਲਾਗਤ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ। ਸਕੱਤਰ ਕੁਲਵੀਰ ਸਿੰਘ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਸੰਦੇਸ਼ ਇਹ ਸੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤੀ ਲਈ ਲਾਭਦਾਇਕ ਸਰੋਤ ਵਜੋਂ ਵਰਤਿਆ ਜਾਵੇ ਤੇ ਵਾਤਾਵਰਣ ਦੀ ਸੰਭਾਲ ਲਈ ਜ਼ਿੰਮੇਵਾਰ ਕਿਸਾਨੀ ਦੀ ਮਿਸਾਲ ਕਾਇਮ ਕੀਤੀ ਜਾਵੇ। ਇਸ ਮੌਕੇ ਸਰਪੰਚ ਜੋਗਿੰਦਰ ਸਿੰਘ ਸ਼ਾਹ ਵਾਲਾ, ਪ੍ਰਧਾਨ ਸੁਖਦੇਵ ਸਿੰਘ, ਸੇਲਜ਼ਮੈਨ ਬਲਵਿੰਦਰ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਸੁਖਵਿੰਦਰ ਸਿੰਘ, ਸ਼ਿੰਗਾਰ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਕੌਰ, ਸੁਰਿੰਦਰ ਕੌਰ, (ਸਾਰੇ ਕਮੇਟੀ ਮੈਂਬਰ), ਕੁਲਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।