ਬੇਬੇ ਨਾਨਕੀ ਕਾਲਜ ਮਿੱਠੜਾ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ
Publish Date: Sun, 20 Sep 2026 08:52 PM (IST)
Updated Date: Sun, 20 Sep 2026 08:53 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵਿਖੇ ਐੱਨਐੱਸਐੱਸ ਵਿਭਾਗ ਵੱਲੋਂ ਮਾਈ ਭਾਰਤ ਕਪੂਰਥਲਾ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤੀ ਸਬੰਧੀ ਸਹੁੰ ਚੁੱਕਣ, ਨੁੱਕੜ ਨਾਟਕ ਤੇ ਕਵਿਤਾ ਉਚਾਰਨ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੈਡਮ ਗਗਨਦੀਪ ਕੌਰ, ਜ਼ਿਲ੍ਹਾ ਯੂਥ ਅਫ਼ਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰਭਾਵਸ਼ਾਲੀ ਜਾਗਰੂਕਤਾ ਪੈਦਾ ਕੀਤੀ ਜਾ ਸਕਦੀ ਹੈ। ਐੱਨਐੱਸਐੱਸ ਦੇ ਕੋ-ਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਮਹੱਤਵਪੂਰਨ ਲੋੜ ਹੈ। ਐੱਨਐੱਸਐੱਸ ਯੂਨਿਟ-2 ਦੇ ਪ੍ਰੋਗਰਾਮ ਅਫ਼ਸਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਨਸ਼ਾ ਮੁਕਤੀ ਸਿਰਫ਼ ਇੱਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਜੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਕੌਸਮੈਟੋਲੋਜੀ ਵਿਭਾਗ ਦੇ ਮੈਡਮ ਪਲਕ ਤੇ ਸਾਇੰਸ ਵਿਭਾਗ ਦੇ ਮੈਡਮ ਸੋਨੀਆ ਨੂੰ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਨੂੰ ਸਫ਼ਲਤਾਪੂਰਵਕ ਸੰਪੂਰਨ ਕਰਨ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।