ਬੇਬੇ ਨਾਨਕੀ ਕਾਲਜ ਫੱਤੂਢੀਂਗਾ ਨੇ ਕੱਢੀ ਜਾਗਰੂਕਤਾ ਰੈਲੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਬੇਬੇ ਨਾਨਕੀ ਕਾਲਜ ਫੱਤੂਢੀਂਗਾ ਵੱਲੋਂ ਜਾਗਰੂਕਤਾ ਰੈਲੀ
Publish Date: Fri, 20 Nov 2026 07:55 PM (IST)
Updated Date: Fri, 20 Nov 2026 07:58 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਕਾਲਜ ਦੀ ਐੱਨਐੱਸਐੱਸ ਯੂਨਿਟ ਵੱਲੋਂ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਤੇ ਨੌਜਵਾਨ ਪੀੜ੍ਹੀ ਨੂੰ ਇਸ ਸਮਾਜਿਕ ਬੁਰਾਈ ਤੋਂ ਬਚਾਉਣ ਦੇ ਉਦੇਸ਼ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਉਪਰਾਲੇ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਮੂਹਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਸੀ। ਰੈਲੀ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਲੋਕਾਂ ਨੂੰ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੌਜਵਾਨਾਂ ਨੂੰ ਸਮਝਾਇਆ ਗਿਆ ਕਿ ਨਸ਼ਾ ਵਿਅਕਤੀ ਦੀ ਸਰੀਰਕ ਤੇ ਮਾਨਸਿਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਪਰਿਵਾਰਕ ਤੇ ਸਮਾਜਿਕ ਜੀਵਨ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਤੇ ਸਮਾਜ ਦਾ ਸਭ ਤੋਂ ਮਹੱਤਵਪੂਰਨ ਸਰਮਾਇਆ ਹੁੰਦੇ ਹਨ। ਉਨ੍ਹਾਂ ਦੀ ਊਰਜਾ ਤੇ ਸਮਰੱਥਾ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਯਤਨਾਂ ਨਾਲ ਹੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ । ਇਸ ਸਮੁੱਚੇ ਉਪਰਾਲੇ ਵਿੱਚ ਇੰਚਾਰਜ ਪ੍ਰੋ. ਕੁਲਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ।