- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਦੂਸ਼ਣ ਪ੍ਰਤੀ ਜਾਗਰੂਕਤਾ ਅਜੋਕੇ ਸਮੇਂ ਦੀ ਮੁਖ ਲੋੜ : ਪ੍ਰਿੰਸੀਪਲ ਅਮਨਦੀਪ ਕੌਰ

ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਦੀਵਾਲੀ ਤੇ ਬੰਦੀ ਛੋੜ ਦਿਵਸ ਨੂੰ ਮਨਾਉਂਦਿਆਂ ਸਵਾਮੀ ਆਨੰਦਗਿਰੀ ਮਹਾਰਾਜ ਮੈਮੋਰੀਅਲ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਵਿਨੋਦ ਪੁਰੀ ਚੇਅਰਮੈਨ ਸਕੂਲ ਪ੍ਰਬੰਧਕ ਕਮੇਟੀ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਤੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਭੇਟ ਕਰਦਿਆਂ ਉਨ੍ਹਾਂ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਦੀਵਾਲੀ ਦੌਰਾਨ ਕੇਵਲ ਪ੍ਰਦੂਸ਼ਣ ਰਹਿਤ ਗ੍ਰੀਨ ਪਟਾਕੇ ਹੀ ਚਲਾਏ ਜਾਣ ਤਾਂ ਕਿ ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆਵਲਤਾ ਬਰਕਰਾਰ ਰਹੇ। ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਕਲਾ ਕਿਰਤਾਂ ਤੇ ਰੰਗੋਲੀ ਬਣਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਸਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਨਾਟਕ ਵੀ ਪੇਸ਼ ਕੀਤੇ। ਸਮਾਗਮ ਦੌਰਾਨ ਪ੍ਰਿੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਸੰਯੋਗਿਤਾ, ਸਿਮਰਨ, ਮਨਪ੍ਰੀਤ ਕੌਰ, ਪੂਜਾ ਸ਼ਰਮਾ ਆਦਿ ਹਾਜ਼ਰ ਸਨ।