ਸੁਖਪਾਲ ਸਿੰਘ ਹੁੰਦਲ, ਕਪੂਰਥਲਾ : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਮਿਸ਼ਨ ਤੰਦਰੁਸਤ ਪੰਜਾਬ ਤੇ ਸੈਕਟਰੀ ਐਗਰੀਕਲਚਰ ਕਾਹਨ ਸਿੰਘ ਪਨੂੰ ਤੇ ਡਾ. ਸੁਤੰਤਰ ਕੁਮਾਰ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ. ਕੰਵਲਜੀਤ ਸਿੰਘ ਅਤੇ ਡਾ.ਐੱਚਪੀਐੱਸ ਭਰੋਤ ਖੇਤੀਬਾੜੀ ਅਫ਼ਸਰ ਬਲਾਕ ਕਪੂਰਥਲਾ ਦੀ ਅਗਵਾਈ ਹੇਠ ਬੀਤੀ 18 ਅਕਤੂਬਰ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਕੂਲ ਰਜ਼ਾਪੁਰ, ਮੰਡੀ ਹਾਰਡਿੰਗ ਹਾਈ ਸਕੂਲ ਦਾਣਾ ਮੰਡੀ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮੱਲੂ ਕਾਦਰਾਬਾਦ ਦੇ ਸਕੂਲੀ ਬੱਚਿਆਂ ਨਾਲ ਰਲ ਕੇ ਖੇਤੀਬਾੜੀ ਵਿਭਾਗ ਵਲੋਂ ਇਕ ਰੈਲੀ ਕੱਢੀ ਗਈ। ਇਸ ਮੌਕੇ ਡਾ. ਐੱਚਪੀਐੱਸ ਭਰੋਤ ਖੇਤੀਬਾੜੀ ਅਫ਼ਸਰ ਬਲਾਕ ਕਪੂਰਥਲਾ ਨੇ ਬੱਚਿਆਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਧਰਤੀ ਦੀ ਉਪਰਲੀ ਤਹਿ ਵਿਚ ਵੱਸਦੇ ਜੀਵ-ਜੰਤੂ ਮਰ ਜਾਂਦੇ ਹਨ ਅਤੇ ਜੈਵਿਕ ਮਾਦਾ ਅਤੇ ਹੋਰ ਤੱਤ ਨਾਈਟਰੋਜਨ, ਫਾਸਫੋਰਸ ਵੀ ਨਸ਼ਟ ਹੋ ਜਾਂਦੇ ਹਨ। ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਉਸ ਦੇ ਧੂੰਏ ਨਾਲ ਗਰਭਵਤੀ ਅੌਰਤਾਂ ਅਤੇ ਛੋਟੇ ਬੱਚਿਆਂ ਬਜ਼ੁਰਗਾਂ ਨੂੰ ਸਾਹ ਲੈਣ ਵਿਚ ਦਿੱਕਤ ਆਉਂਦੀ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਰੁੱਖ ਅਤੇ ਪੰਛੀਆਂ ਦੇ ਰੈਣ ਬਸੇਰੇ ਨੂੰ ਵੀ ਨੁਕਸਾਨ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਮੁੱਖ ਖੇਤੀਬਾੜੀ ਅਫਸਰ ਡਾ. ਕੰਵਲਜੀਤ ਸਿੰਘ ਵਲੋਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਇਸ ਮੌਕੇ ਵਿਸ਼ਾਲ ਕੌਸ਼ਲ, ਪਵਨ ਕੁਮਾਰ, ਗੁਰਬਿੰਦਰ ਕੌਰ, ਹਰਪਿੰਦਰ ਸਿੰਘ ਬਾਜਵਾ, ਸੰਤੋਖ ਸਿੰਘ, ਸਿਮਰਜੀਤ ਸਿੰਘ, ਜਗਦੀਸ਼ ਸਿੰਘ, ਪਵਨਦੀਪ ਸਿੰਘ, ਜਗਜੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।