- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦਾਂ ਸਿੰਘਾਂ ਦੇ ਅਸਥਾਨ ਵਿਖੇ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਫਗਵਾੜਾ ਦੇ ਨਜ਼ਦੀਕੀ ਪਿੰਡ ਨਿਹਾਲਗੜ੍ਹ ਵਿਖੇ ਸ਼ਹੀਦਾਂ ਸਿੰਘਾਂ ਦੇ ਅਸਥਾਨ ’ਤੇ ਧੰਨ-ਧੰਨ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਬਾਬਾ ਹਰਵਿੰਦਰਜੀਤ ਸਿੰਘ ਸੰਧਰ ਦੀ ਅਗਵਾਈ ਹੇਠ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਸਜੇ ਦੀਵਾਨਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਦੀਵਾਨਾਂ ਦੌਰਾਨ ਸੰਤ ਬਾਬਾ ਹਰਜੀਤ ਸਿੰਘ ਜੀ ਮੰਡੀ ਗੋਬਿੰਦਗੜ੍ਹ ਵਾਲਿਆਂ ਨੇ ਸਿੱਧੀਆਂ ਧਾਰਨਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਸੰਗਤਾਂ ਨੇ ਸ਼ਰਧਾ ਨਾਲ ਧਾਰਨਾਵਾਂ ਅਤੇ ਗੁਰਮਤਿ ਵਿਚਾਰਾਂ ਨੂੰ ਸਰਵਣ ਕੀਤਾ। ਸਮਾਗਮ ਵਿੱਚ ਉਚੇਚੇ ਤੌਰ ’ਤੇ ਪਹੁੰਚੇ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ, ਮੁੱਖ ਸੰਚਾਲਕ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪੰਡਵਾ ਵਾਲਿਆਂ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੇ ਬਾਬਾ ਵਡਭਾਗ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀ ਧਾਰਮਿਕ ਸੇਵਾ ਅਤੇ ਮਨੁੱਖਤਾ ਨੂੰ ਦਿੱਤੀ ਪ੍ਰੇਰਣਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਕਿਹਾ ਕਿ ਮਹਾਂਪੁਰਖਾਂ ਦੇ ਜੀਵਨ ਦਾ ਮਕਸਦ ਮਨੁੱਖ ਨੂੰ ਪਰਮਾਤਮਾ ਨਾਲ ਜੋੜਨਾ ਅਤੇ ਸੱਚੇ ਮਾਰਗ ’ਤੇ ਤੋਰਨ ਦੀ ਪ੍ਰੇਰਣਾ ਦੇਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਮਨੁੱਖ ਭੌਤਿਕ ਸੁੱਖਾਂ ਦੀ ਦੌੜ ਵਿੱਚ ਆਪਣੇ ਅਸਲ ਜੀਵਨ ਮਕਸਦ ਤੋਂ ਦੂਰ ਹੁੰਦਾ ਜਾ ਰਿਹਾ ਹੈ, ਇਸ ਲਈ ਸਾਨੂੰ ਮਹਾਂਪੁਰਖਾਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਨੁੱਖ ਨੂੰ ਆਪਣੇ ਜੀਵਨ ਵਿੱਚ ਨਾਮ ਜਪਣ, ਸੇਵਾ ਕਰਨ, ਨਿਮਰਤਾ ਧਾਰਨ ਕਰਨ ਅਤੇ ਗੁਰੂ ਦੀਆਂ ਸਿੱਖਿਆਵਾਂ ਨੂੰ ਅਮਲ ਵਿੱਚ ਲਿਆਉਣ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਾ ਹੀ ਕਾਫ਼ੀ ਨਹੀਂ, ਸਗੋਂ ਗੁਰਮਤਿ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ ਅਸਲ ਸ਼ਰਧਾ ਹੈ।
ਸਮਾਗਮ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ ਸੰਗਤਾਂ ਨੇ ਗੁਰਬਾਣੀ, ਕਥਾ-ਵਿਚਾਰ ਤੇ ਧਾਰਨਾਵਾਂ ਦਾ ਸਰਵਣ ਕੀਤਾ। ਸਮਾਗਮ ਵਿੱਚ ਪਿੰਡ ਨਿਹਾਲਗੜ੍ਹ ਦੇ ਵੱਡੀ ਗਿਣਤੀ ਵਿੱਚ ਵਾਸੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਵੀ ਸ਼ਮੂਲੀਅਤ ਕਰਦਿਆਂ ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।