ਆਪ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਕਰ ਰਹੀ ਅਣਗੌਲਿਆਂ ਆਪ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਕਰ ਰਹੀ ਅਣਗੌਲਿਆ
Publish Date: Thu, 23 Jul 2026 07:51 PM (IST)
Updated Date: Thu, 23 Jul 2026 07:52 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ, ਫਗਵਾੜਾ : ਬਰਨਾਲਾ ਵਿੱਚ ਹੜਤਾਲੀ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਲਾਠੀਚਾਰਜ ਦੀ ਕਾਂਗਰਸ ਪਾਰਟੀ ਨੇ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਤਾਨਾਸ਼ਾਹੀ ਤੇ ਗਰੀਬ ਵਿਰੋਧੀ ਦੱਸਿਆ। ਇਸਨੂੰ ਸ਼ਰਮਨਾਕ ਤੇ ਅਣਮਨੁੱਖੀ ਦੱਸਦੇ ਹੋਏ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਪੰਜਾਬ ਦੀ ਆਪ ਸਰਕਾਰ ਨੂੰ ਗਰੀਬਾਂ ਤੇ ਔਰਤਾਂ ਵਿਰੁੱਧ ਤਾਕਤ ਦੀ ਵਰਤੋਂ ਲਈ ਜ਼ਿੰਮੇਵਾਰ ਠਹਿਰਾਇਆ ਜੋ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੀਆਂ ਸਨ। ਸੂਬਾ ਸਰਕਾਰ ’ਤੇ ਆਪਣੇ ਵਾਅਦੇ ਤੋੜਨ ਦਾ ਦੋਸ਼ ਲਗਾਉਂਦੇ ਹੋਏ ਨਰੇਸ਼ ਭਾਰਦਵਾਜ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੜਤਾਲ ’ਤੇ ਬੈਠੇ ਕਰਮਚਾਰੀਆਂ ਨੂੰ ਕੁੱਟਿਆ ਗਿਆ ਤੇ ਮਹਿਲਾ ਕਰਮਚਾਰੀਆਂ ਨਾਲ ਵੀ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਗਿਆ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਾਡੇ ਸਮਾਜ ਦੇ ਅਸਲ ਹੀਰੋ ਹਨ। ਉਹ ਸਾਡੇ ਘਰਾਂ, ਗਲੀਆਂ ਤੇ ਪੂਰੇ ਸ਼ਹਿਰ ਨੂੰ ਸਾਫ਼ ਤੇ ਸਿਹਤਮੰਦ ਰੱਖ ਕੇ ਸਾਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ। ਉਨ੍ਹਾਂ ਦੀ ਸਖ਼ਤ ਮਿਹਨਤ ਤੇ ਸਮਰਪਣ ਸਾਡੇ ਵਾਤਾਵਰਣ ਨੂੰ ਸੁਰੱਖਿਅਤ ਤੇ ਸੁੰਦਰ ਬਣਾਉਂਦਾ ਹੈ। ਉਨ੍ਹਾਂ ’ਤੇ ਲਾਠੀਚਾਰਜ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰੀ ਪ੍ਰਣਾਲੀ ਵਿੱਚ ਹਰ ਕਰਮਚਾਰੀ ਨੂੰ ਆਪਣੇ ਹੱਕ ਦੀ ਗੱਲ ਕਰਨ ਦਾ ਸੰਵਿਧਾਨਕ ਤੇ ਜਮਹੂਰੀ ਅਧਿਕਾਰ ਹੁੰਦਾ ਹੈ। ਉਨ੍ਹਾਂ ਨੂੰ ਆਪਣੀਆਂ ਜਾਇਜ਼ ਮੰਗਾਂ ਤੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਲਈ ਸ਼ਾਂਤੀਪੂਰਵਕ ਸੰਘਰਸ਼ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੱਲਬਾਤ, ਵਿਸ਼ਵਾਸ ਤੇ ਸਹਿਮਤੀ ਨਾਲ ਹੱਲ ਕਰੇ, ਨਾ ਕਿ ਦਮਨ ਤੇ ਜ਼ਬਰਦਸਤੀ ਦਾ ਸਹਾਰਾ ਲੈ ਕੇ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਅੱਜ ਪੰਜਾਬ ਦੇ ਕਰਮਚਾਰੀ, ਕਿਸਾਨ, ਮਜ਼ਦੂਰ, ਨੌਜਵਾਨ ਤੇ ਮੱਧ ਵਰਗ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ ਨੇ ਕਰਮਚਾਰੀਆਂ ਵਿੱਚ ਅਸੁਰੱਖਿਆ ਤੇ ਨਿਰਾਸ਼ਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸਰਕਾਰ ਨੂੰ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਜੇਕਰ ਕਿਸੇ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਕਾਨੂੰਨ ਦੇ ਦਾਇਰੇ ਵਿਚ ਰਹਿੰਦਿਆਂ ਉਸ ਦੇ ਸਾਰੇ ਸੰਵਿਧਾਨਕ ਅਧਿਕਾਰਾਂ ਦੀ ਪੂਰੀ ਰਾਖੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ 2027 ਵਿਚ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਕਰਮਚਾਰੀਆਂ ਅਤੇ ਮਜ਼ਦੂਰਾਂ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪਾਰਦਰਸ਼ੀ, ਜਵਾਬਦੇਹ ਤੇ ਸੰਵੇਦਨਸ਼ੀਲ ਪ੍ਰਸ਼ਾਸਨਿਕ ਵਿਵਸਥਾ ਸਥਾਪਿਤ ਕੀਤੀ ਜਾਵੇਗੀ। ਨਰੇਸ਼ ਭਾਰਦਵਾਜ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਵਿਕਾਸ, ਸੁਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ, ਕਾਨੂੰਨ ਦੇ ਰਾਜ ਤੇ ਲੋਕ-ਹਿੱਤ ਦੀ ਰਾਜਨੀਤੀ ਨੂੰ ਤਰਜੀਹ ਦਿੰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਭਰਪੂਰ ਸਮਰਥਨ ਦੇਣਗੇ, ਜਿਸ ਨਾਲ ਸੂਬੇ ਵਿਚ ਲੋਕਤੰਤਰੀ ਕਦਰਾਂ-ਕੀਮਤਾਂ, ਹਰ ਵਰਗ ਦੇ ਸਨਮਾਨ ਤੇ ਲੋਕ-ਕੇਂਦ੍ਰਿਤ ਸ਼ਾਸਨ ਦੀ ਮੁੜ ਸਥਾਪਨਾ ਯਕੀਨੀ ਬਣਾਈ ਜਾ ਸਕੇਗੀ।