ਸੁਖਬੀਰ ਬਾਦਲ ’ਤੇ ਹੋਇਆ ਹਮਲਾ ਨਿੰਦਣਯੋਗ : ਠੇਕੇਦਾਰ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਬਲਜਿੰਦਰ ਸਿੰਘ ਠੇਕੇਦਾਰ ਵੱਲੋਂ ਨਿੰਦਾ
Publish Date: Thu, 13 Aug 2026 07:29 PM (IST)
Updated Date: Thu, 13 Aug 2026 07:32 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਇੱਕ ਪਵਿੱਤਰ ਧਾਰਮਿਕ ਅਸਥਾਨ ਹੈ, ਜਿੱਥੇ ਹਰ ਵਿਅਕਤੀ ਸ਼ਰਧਾ ਤੇ ਸ਼ਾਂਤੀ ਨਾਲ ਮੱਥਾ ਟੇਕਣ ਲਈ ਜਾਂਦਾ ਹੈ। ਅਜਿਹੇ ਸਥਾਨ ’ਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਨੂੰ ਕਿਸੇ ਵੀ ਕੀਮਤ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ, ਪਰ ਹਿੰਸਾ ਕਿਸੇ ਸਮੱਸਿਆ ਦਾ ਹੱਲ ਨਹੀਂ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਨੂੰ ਲੈ ਕੇ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ। ਠੇਕੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਲੋਕਪ੍ਰੀਅਤਾ ਤੋਂ ਵਿਰੋਧੀ ਧਿਰਾਂ ਘਬਰਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਤੇ ਸੂਬੇ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਪ੍ਰਤੀ ਸੋਚ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਸਿਆਸੀ ਪਾਰਟੀਆਂ ਦੇ ਵਾਅਦਿਆਂ ਦੀ ਬਜਾਏ ਉਨ੍ਹਾਂ ਦੇ ਕੰਮ ਤੇ ਪੰਜਾਬ ਦੇ ਹਿੱਤਾਂ ਪ੍ਰਤੀ ਵਚਨਬੱਧਤਾ ਨੂੰ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਹੁੰਦੀ ਸਥਿਤੀ ਨੂੰ ਦੇਖਦਿਆਂ ਵਿਰੋਧੀ ਧਿਰਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਸਿਆਸੀ ਤੌਰ ’ਤੇ ਜਾਗਰੂਕ ਹਨ ਤੇ ਸੱਚਾਈ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਠੇਕੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਐੱਸਸੀ ਵਿੰਗ ਵੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਲੋਕਾਂ ਨਾਲ ਸੰਪਰਕ ਕਰ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਲੋਕਾਂ ਦਾ ਹੋਰ ਵੱਡਾ ਸਮਰਥਨ ਮਿਲੇਗਾ।