ਐੱਸਜੀਪੀਸੀ ਨੂੰ ਢਾਹ ਲਾਉਣ ਵਾਲਿਆਂ ਤੋਂ ਸਾਵਧਾਨ ਰਹੋ : ਕੁਲਾਰ
ਐਸਜੀਪੀਸੀ ਨੂੰ ਢਾਹ ਲਾਉਣ ਵਾਲੇ ਸ਼ਰਾਰਤੀ ਅਨਸਰਾਂ ਤੋਂ ਰਹੋ ਸਾਵਧਾਨ ਅੰਮ੍ਰਿਤ ਪਾਲ ਸਿੰਘ ਕੁਲਾਰ
Publish Date: Fri, 06 Feb 2026 06:36 PM (IST)
Updated Date: Fri, 06 Feb 2026 06:38 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਢਾਹ ਲਾਉਣ ਲਈ ਸ਼ਰਾਰਤੀ ਅਨਸਰਾਂ ਵੱਲੋਂ ਅਨੇਕਾਂ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਲੋਕਾਂ ਤੋਂ ਸਾਨੂੰ ਸਭ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੂਬਾ ਯੂਥ ਵਿੰਗ ਦੇ ਮੀਤ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਕੁਲਾਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਗੁਰੂ ਘਰ ਦੀ ਜ਼ਮੀਨ ਜੋ ਕਿ ਗੁਰੂ ਘਰ ਦੇ ਮੈਨੇਜਰ ਨੇ ਧੋਖਾਧੜੀ ਕਰਕੇ ਵੇਚੀ ਤੇ ਸਾਰਾ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਧਿਆਨ ਵਿਚ ਆਉਣ ਤੋਂ ਬਾਅਦ ਬਣਦੀ ਕਾਰਵਾਈ ਤੁਰੰਤ ਕੀਤੀ ਗਈ। ਦੋਸ਼ੀਆਂ ਦੇ ਖਿਲਾਫ ਐੱਫਆਈਆਰ ਵੀ ਦਰਜ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸਾਡੇ ਹੀ ਕਈ ਸਿੱਖ ਭਰਾ ਵਿਰੋਧੀ ਤਾਕਤਾਂ ਦੇ ਹੱਥੇ ਚੜ੍ਹ ਕੇ ਸ. ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੇ ਹਨ। ਸਾਨੂੰ ਸਭ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਦੇ ਘਰ ਦੇਰ ਜ਼ਰੂਰ ਹੈ ਪਰ ਅੰਧੇਰ ਨਹੀਂ। ਸੱਚ ਲੋਕਾਂ ਦੇ ਸਾਹਮਣੇ ਜ਼ਰੂਰ ਆਵੇਗਾ। ਸਾਰੀਆਂ ਪੰਥ ਵਿਰੋਧੀ ਤਾਕਤਾਂ ਨੂੰ ਅਕਾਲ ਪੁਰਖ ਵਾਹਿਗੁਰੂ ਆਪੇ ਹੀ ਲੋਕਾਂ ਸਾਹਮਣੇ ਲਿਆ ਕੇ ਖੜ੍ਹਾ ਕਰ ਦੇਣਗੇ। ਅੰਮ੍ਰਿਤ ਪਾਲ ਸਿੰਘ ਕੁਲਾਰ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਜੋ ਲੋਕ ਪੰਥ ਵਿਚ ਨਿਤ ਨਵਾਂ ਵਿਵਾਦ ਪੈਦਾ ਕਰ ਰਹੇ ਹਨ, ਉਨ੍ਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ।