ਸੁਖਪਾਲ ਸਿੰਘ ਹੁੰਦਲ, ਕਪੂਰਥਲਾ : ਜ਼ਿਲ੍ਹਾ ਬੈਂਕਿੰਗ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਏਡੀਸੀ (ਜ) ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਰਾਹੁਲ ਚਾਬਾ ਨੇ ਦੱਸਿਆ ਕਿ ਰਿਜ਼ਰਵ ਬੈਂਕ ਵੱਲੋਂ ਪੰਜਾਬ 'ਚੋਂ ਕਪੂਰਥਲਾ ਜ਼ਿਲ੍ਹੇ ਨੂੰ 100 ਫ਼ੀਸਦੀ ਡਿਜੀਟਾਈਜ਼ ਬਣਾਉਣ ਲਈ ਚੁਣਿਆ ਗਿਆ ਹੈ। ਉਨ੍ਹਾਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਟੀਚੇ ਨੂੰ ਪੂਰਾ ਕਰਨ ਲਈ ਮਿਲ ਕੇ ਹੰਭਲਾ ਮਾਰਨ ਅਤੇ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਉਨ੍ਹਾਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਵੱਧ ਤੋਂ ਵੱਧ ਡਿਜੀਟਲ ਵਿੱਤੀ ਸਾਖਰਤਾ ਕੈਂਪ ਲਗਾਏ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਵਿਚ ਇਕ ਮੁਹਿੰਮ ਚਲਾਈ ਗਈ ਹੈ, ਜਿਸ ਦੌਰਾਨ ਸਾਰੇ ਪੀਐੱਮ ਕਿਸਾਨ ਲਾਭਪਾਤਰੀ ਕਿਸਾਨ ਕ੍ਰੈਡਿਟ ਕਾਰਡ ਬਣਵਾਉਣ ਲਈ ਬੈਂਕਾਂ ਦੁਆਰਾ ਦਿੱਤੇ ਗਏ ਇਕ ਪੰਨੇ ਦਾ ਫਾਰਮ ਅਤੇ ਆਪਣੇ ਖਸਰਾ, ਖਤੌਨੀ ਦੇ ਨਾਲ ਆਪਣੀ ਬੈਂਕ ਸ਼ਾਖਾ ਵਿਚ ਜਮ੍ਹਾਂ ਕਰਵਾ ਕੇ ਸਸਤੀਆਂ ਦਰਾਂ 'ਤੇ ਖੇਤੀ ਕਰਜ਼ੇ ਦਾ ਲਾਭ ਪ੍ਰਰਾਪਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਪੀਐੱਮ ਲਾਭਪਾਤਰੀਆਂ ਦਾ ਕਿਸਾਨ ਕ੍ਰੈਡਿਟ ਕਾਰਡ ਪਹਿਲਾਂ ਤੋਂ ਬਣਿਆ ਹੋਇਆ ਹੈ, ਉਹ ਆਪਣੀ ਲਿਮਿਟ ਵਧਾਉਣ ਲਈ ਅਤੇ ਬੰਦ ਪਏ ਕਿਸਾਨ ਕ੍ਰੈਡਿਟ ਕਾਰਡ ਖਾਤਾ ਧਾਰਕ ਉਸ ਨੂੰ ਚਾਲੂ ਕਰਵਾਉਣ ਲਈ ਨਵਾਂ ਕਿਸਾਨ ਕਾਰਡ ਜਾਰੀ ਕਰਵਾਉਣ ਲਈ ਆਪਣੀ ਬੈਂਕ ਸ਼ਾਖਾ ਨਾਲ ਸੰਪਰਕ ਕਰ ਸਕਦੇ ਹਨ। ਇਸੇ ਤਰ੍ਹਾਂ ਜੋ ਕਿਸਾਨ ਖੇਤੀ ਲਈ ਕਿਸਾਨ ਕ੍ਰੈਡਿਟ ਕਾਰਡ ਲੈ ਚੁੱਕੇ ਹਨ ਅਤੇ ਉਹ ਪਸ਼ੂ ਪਾਲਣ ਅਤੇ ਮੱਛੀ ਪਾਲਣ ਕਰ ਰਹੇ ਹਨ, ਉਹ ਵੀ ਇਨ੍ਹਾਂ ਕੰਮਾਂ ਲਈ ਕਿਸਾਨ ਕ੍ਰੈਡਿਟ ਕਾਰਡ ਲਈ ਬਿਨੈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੇਵਾ ਕੇਂਦਰਾਂ 'ਤੇ ਵੀ ਬਿਨੈ ਪੱਤਰ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਤੇ ਐੱਨਆਰਐੱਲਐੱਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਕੰਮ ਵਿਚ ਆਪਣਾ ਬਣਦਾ ਸਹਿਯੋਗ ਦੇਣ। ਚਾਬਾ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਬਸਿਡੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਬੈਂਕ ਕਮਜ਼ੋਰ ਵਰਗਾਂ ਨੂੰ ਬੈਂਕਿੰਗ ਸੇਵਾਵਾਂ ਨਾਲ ਜੋੜਨ ਨੂੰ ਵਿਸ਼ੇਸ਼ ਤਰਜੀਹ ਦੇਣ ਤੇ ਮਿੱਥੇ ਟੀਚਿਆਂ ਨੂੰ ਪੂਰਾ ਕਰਨ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ। ਇਸ ਮੌਕੇ ਪੀਐੱਨਬੀ ਦੇ ਚੀਫ ਮੈਨੇਜਰ ਆਰਸੀ ਗੋਸਾਈਂ, ਰਿਜ਼ਰਵ ਬੈਂਕ ਦੇ ਏਜੀਐੱਮ ਸ੍ਰੀਕਿਸ਼ਨ ਬਿਸਵਾਸ, ਚੀਫ ਐੱਲਡੀਐੱਮ ਦਰਸ਼ਨ ਲਾਲ ਭੱਲਾ, ਡੀਡੀਐੱਮ ਨਾਬਾਰਡ ਰਾਕੇਸ਼ ਵਰਮਾ, ਡਾਇਰੈਕਟਰ ਆਰ. ਸੇਟੀ ਪਰਮਜੀਤ ਸਿੰਘ, ਖੇਤੀਬਾੜੀ ਅਫ਼ਸਰ ਅਸ਼ਵਨੀ ਕੁਮਾਰ, ਐੱਚਐੱਸ ਬਾਵਾ ਅਤੇ ਰਜਨੀਸ਼ ਕਾਂਤ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਅਤੇ ਡੀਸੀਓ ਹਾਜ਼ਰ ਸਨ।