ਮਾਨ ਸਰਕਾਰ ਨੇ ਹਰ ਵਰਗ ਨੂੰ ਦਿੱਤੇ ਬਰਾਬਰ ਅਧਿਕਾਰ : ਚੰਦੀ ਭਗਵੰਤ ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਹਰ ਵਰਗ ਨੂੰ ਦਿੱਤੇ ਸਮਾਨ ਅਧਿਕਾਰ : ਚੰਦੀ
Publish Date: Sat, 29 Aug 2026 07:04 PM (IST)
Updated Date: Sat, 29 Aug 2026 07:07 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਹਰ ਵਰਗ ਨੂੰ ਬਰਾਬਰ ਅਧਿਕਾਰ ਤੇ ਮੌਕੇ ਦੇਣ ਲਈ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਤੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣਾ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਰਾਜਨਬੀਰ ਸਿੰਘ ਚੰਦੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੋਜ਼ਗਾਰ, ਕਿਸਾਨੀ, ਮਹਿਲਾ ਸਸ਼ਕਤੀਕਰਨ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਸਰਕਾਰੀ ਸਕੂਲਾਂ ਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੀ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰਾਂ ਤੋਂ ਰਾਹਤ ਦੇਣ ਲਈ ਕਈ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਉਪਰਾਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਬਿਜਲੀ ਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵੀ ਲੋਕ-ਹਿੱਤ ਵਿੱਚ ਫ਼ੈਸਲੇ ਲਏ ਗਏ ਹਨ। ਰਾਜਨਬੀਰ ਸਿੰਘ ਚੰਦੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਨੀਤੀ ਕਿਸੇ ਇੱਕ ਵਰਗ ਤੱਕ ਸੀਮਿਤ ਨਹੀਂ, ਸਗੋਂ ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ, ਮਹਿਲਾਵਾਂ ਤੇ ਆਮ ਪਰਿਵਾਰਾਂ ਸਮੇਤ ਹਰ ਵਰਗ ਨੂੰ ਬਰਾਬਰ ਮੌਕੇ ਦੇਣ ਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰੇਗੀ।