ਕਿਸਾਨਾ ਤੋਂ ਜਬਰੀ ਜ਼ਮੀਨਾਂ ਖੋਹਣ ਦਾ ਡੱਟ ਕੇ ਵਿਰੋਧ ਕਰੇਗੀ ਭਾਕਿਯੂ ਲੈਂਡ ਪੂਲੰਿਗ ਸਕੀਮ ਤਹਿਤ ਕਿਸਾਨਾ ਤੋਂ ਜਬਰੀ ਜਮੀਨਾਂ ਖੋਹਣ ਦਾ ਡਟ ਕੇ ਵਿਰੋਧ ਕਰੇਗੀ ਭਾਰਤੀ ਕਿਸਾਨ ਯੂਨੀਅਨ - ਕਾਲਾ ਅਠੌਲੀ/ਪਾਲਾ ਮੌਲੀ
Publish Date: Mon, 06 Jul 2026 07:59 PM (IST)
Updated Date: Tue, 07 Jul 2026 04:03 AM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਪੰਜਾਬ ਸਰਕਾਰ ਦੀ ਲੈਂਡ ਪੂਲੰਿਗ ਨੀਤੀ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸਰਕਲ ਫਗਵਾੜਾ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ ਤੇ ਸੂਬਾ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਦੇ ਨਾਂ ’ਤੇ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਇਸ ਦਾ ਡਟ ਕੇ ਵਿਰੋਧ ਕਰੇਗੀ ਅਤੇ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੇ ਹੱਕਾਂ ’ਤੇ ਡਾਕਾ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਉਪਜਾਊ ਖੇਤੀਯੋਗ ਜ਼ਮੀਨ ਸੂਬੇ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਇਸ ਨੂੰ ਵਿਕਾਸ ਦੇ ਨਾਂ ’ਤੇ ਖਤਮ ਕਰਨ ਦੀ ਕੋਸ਼ਿਸ਼ ਪੰਜਾਬ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਬਿਲਡਰਾਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਹਾਸਲ ਕਰਨਾ ਚਾਹੁੰਦੀ ਹੈ, ਜਿਸ ਨੂੰ ਕਿਸਾਨ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਕਾਲਾ ਅਠੌਲੀ ਅਤੇ ਪਾਲਾ ਮੌਲੀ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀ ਸੰਕਟ, ਡਿੱਗਦੇ ਭੂ-ਜਲ ਪੱਧਰ ਅਤੇ ਕਿਸਾਨਾਂ ਦੀਆਂ ਆਰਥਿਕ ਮੁਸ਼ਕਿਲਾਂ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਵਿੱਚ ਸਰਕਾਰ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਮਜ਼ਬੂਤ ਕਰਨ ਲਈ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀਆਂ ਯੋਜਨਾਵਾਂ ਲਿਆਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਲੈਂਡ ਪੂਲੰਿਗ ਨੀਤੀ ਸਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਵੱਡੇ ਪੱਧਰ ’ਤੇ ਸੰਘਰਸ਼ ਵੀ ਵਿੱਢਿਆ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀ ਅਤੇ ਪੇਂਡੂ ਵਿਕਾਸ ਲਈ ਨਵੀਆਂ ਨੀਤੀਆਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੇਗੀ ਅਤੇ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।