- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀ ਜਗੀਰ ਕੌਰ ਦੀ ਵਾਪਸੀ ਅਹਿਮ ਹੈ ਕਿਉਂਕਿ ਉਹ ਪਿਛਲੇ ਸਮੇਂ ਦੌਰਾਨ ਸੁਖਬੀਰ ਬਾਦਲ ਦੀ ਅਗਵਾਈ ਅਤੇ ਪਾਰਟੀ ਦੀ ਕਾਰਜਸ਼ੈਲੀ ਦੀ ਆਲੋਚਨਾ ਕਰਦੀ ਰਹੀ ਹੈ। ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਸਮੇਤ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਮਗਰੋਂ ਵੀ ਉਨ੍ਹਾਂ ਨੇ ਬਾਦਲ ਧੜੇ ਦੀ ਸਿਆਸਤ ’ਤੇ ਸਵਾਲ ਚੁੱਕੇ ਸਨ।

ਹਰਨੇਕ ਸਿੰਘ ਜੈਨਪੁਰੀ, ਪੰਜਾਬੀ ਜਾਗਰਣ, ਕਪੂਰਥਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ 15 ਨਵੰਬਰ ਨੂੰ ਮੁੜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਦੁਪਹਿਰ 1:30 ਵਜੇ ਬੇਗੋਵਾਲ ਸਥਿਤ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਵਿਖੇ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।
ਬੀਬੀ ਜਗੀਰ ਕੌਰ ਦੀ ਵਾਪਸੀ ਅਹਿਮ ਹੈ ਕਿਉਂਕਿ ਉਹ ਪਿਛਲੇ ਸਮੇਂ ਦੌਰਾਨ ਸੁਖਬੀਰ ਬਾਦਲ ਦੀ ਅਗਵਾਈ ਅਤੇ ਪਾਰਟੀ ਦੀ ਕਾਰਜਸ਼ੈਲੀ ਦੀ ਆਲੋਚਨਾ ਕਰਦੀ ਰਹੀ ਹੈ। ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਸਮੇਤ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਮਗਰੋਂ ਵੀ ਉਨ੍ਹਾਂ ਨੇ ਬਾਦਲ ਧੜੇ ਦੀ ਸਿਆਸਤ ’ਤੇ ਸਵਾਲ ਚੁੱਕੇ ਸਨ।
ਬੀਬੀ ਜਗੀਰ ਕੌਰ ਨੂੰ ਸੱਤ ਨਵੰਬਰ 2022 ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਦੇ ਅਧਿਕਾਰਤ ਉਮੀਦਵਾਰ ਵਿਰੁੱਧ ਐੱਸਜੀਪੀਸੀ ਪ੍ਰਧਾਨ ਦੀ ਚੋਣ ਲੜੀ ਅਤੇ ਬਾਅਦ ਵਿੱਚ ਬਾਗੀ ਧੜੇ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਗਏ। ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਵਿੱਚ ਸੁਧਾਰ ਬਾਹਰ ਰਹਿ ਕੇ ਨਹੀਂ, ਸਗੋਂ ਅੰਦਰ ਰਹਿ ਕੇ ਹੀ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਪੰਜਾਬ ਦੇ ਵਿਕਾਸ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਨੂੰ ਵੀ ਜ਼ਰੂਰੀ ਦੱਸਿਆ ਹੈ।
ਭੁਲੱਥ ਹਲਕੇ ਵਿੱਚ ਬੀਬੀ ਜਗੀਰ ਕੌਰ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਲੰਬੇ ਸਮੇਂ ਤੱਕ ਸਿਆਸੀ ਵਿਰੋਧੀ ਰਹੇ ਹਨ। ਖਹਿਰਾ ਦੀ ਗ੍ਰਿਫ਼ਤਾਰੀ ਦੀ ਬੀਬੀ ਵੱਲੋਂ ਆਲੋਚਨਾ ਕੀਤੇ ਜਾਣ ਮਗਰੋਂ ਦੋਵਾਂ ਦੇ ਸਬੰਧਾਂ ਵਿੱਚ ਨਰਮੀ ਆਈ ਸੀ। ਬੀਬੀ ਭੁਲੱਥ ਨੂੰ ਆਪਣਾ ਹਲਕਾ ਦੱਸ ਚੁੱਕੇ ਹਨ। ਇਸ ਲਈ 2027 ਦੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਵਾਪਸੀ ਨਾਲ ਹਲਕੇ ਦੇ ਸਿਆਸੀ ਸਮੀਕਰਨ ਬਦਲਣ ਦੀ ਸੰਭਾਵਨਾ ਹੈ।
ਬੀਬੀ ਦੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਇਸਤਰੀ ਵਿੰਗ ਦੀ ਅਗਵਾਈ ਦਾ ਸਵਾਲ ਖੜ੍ਹਾ ਹੋਵੇਗਾ। ਦੂਜੇ ਪਾਸੇ, ਐੱਸਜੀਪੀਸੀ ਦੀ ਪਹਿਲੀ ਮਹਿਲਾ ਪ੍ਰਧਾਨ ਰਹਿ ਚੁੱਕੀ ਬੀਬੀ ਦਾ ਦੋਆਬੇ, ਖ਼ਾਸ ਕਰਕੇ ਭੁਲੱਥ ਵਿੱਚ ਸਿਆਸੀ ਆਧਾਰ ਹੈ। ਸੁਖਬੀਰ ਬਾਦਲ ਲਈ ਉਨ੍ਹਾਂ ਦੀ ਵਾਪਸੀ ਪੁਰਾਣੇ ਪ੍ਰਭਾਵਸ਼ਾਲੀ ਆਗੂਆਂ ਨੂੰ ਮੁੜ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਦਾ ਹਿੱਸਾ ਹੈ।
ਹੁਣ ਦੇਖਣਾ ਹੋਵੇਗਾ ਕਿ ਬੀਬੀ ਜਗੀਰ ਕੌਰ ਪਾਰਟੀ ਵਿੱਚ ਸੁਧਾਰਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਬਾਰੇ ਆਪਣਾ ਪਹਿਲਾਂ ਵਾਲਾ ਰੁਖ਼ ਕਿਵੇਂ ਸਪੱਸ਼ਟ ਕਰਦੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਕਿਹੜੀ ਭੂਮਿਕਾ ਮਿਲਦੀ ਹੈ।