- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਲਤਾਨਪੁਰ ਲੋਧੀ ਦੇ ਲੋਕਾਂ ਲਈ ਵੱਡੀ ਰਾਹਤ – ਅੰਡਰ ਬ੍ਰਿਜਾਂ ’ਤੇ ਸ਼ੈੱਡ ਪਾਉਣ ਦਾ ਕੰਮ ਜਲਦ ਸ਼ੁਰੂ

- ਸੱਜਣ ਚੀਮਾ ਦੀ ਪਹਿਲ ਨਾਲ ਬਣਿਆ ਰਾਹ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਹਲਕੇ ਦੇ ਲੋਕਾਂ ਲਈ ਇੱਕ ਵੱਡੀ ਸੁਖਦ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਹਲਕੇ ਦੇ ਵਿਕਾਸ ਲਈ ਹਮੇਸ਼ਾ ਹੀ ਸੰਵੇਦਨਸ਼ੀਲ ਅਤੇ ਤੱਤਪਰ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਨੇ ਇੱਕ ਵਾਰ ਫਿਰ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਕਰਵਾ ਕੇ ਆਪਣੀ ਵਚਨਬੱਧਤਾ ਸਾਬਤ ਕੀਤੀ ਹੈ। ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਕਰਮਜੀਤਪੁਰ ਰੋਡ ਅਤੇ ਸੁਲਤਾਨਪੁਰ ਲੋਧੀ ਡੱਲਾ ਰੋਡ ’ਤੇ ਰੇਲਵੇ ਲਾਈਨ ਹੇਠਾਂ ਬਣੇ ਅੰਡਰਬ੍ਰਿਜਾਂ ’ਤੇ ਸੈੱਡ ਪਾਉਣ ਦਾ ਕੰਮ ਆਉਣ ਵਾਲੇ ਇਕ ਹਫ਼ਤੇ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ ਰਿਹਾ, ਸਗੋਂ ਇਸ ਨੂੰ ਜ਼ਮੀਨੀ ਪੱਧਰ ’ਤੇ ਲਿਆਉਣ ਲਈ ਉਨ੍ਹਾਂ ਨੇ ਖੁਦ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਦੌਰਾਂ ਦੀਆਂ ਮੀਟਿੰਗਾਂ ਕੀਤੀਆਂ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਉਠਾਇਆ। ਚੀਮਾ ਨੇ ਕਿਹਾ ਕਿ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਰੇਲਵੇ ਵਿਭਾਗ ਨਾਲ ਲਗਾਤਾਰ ਸੰਪਰਕ ਬਣਾਇਆ ਗਿਆ ਅਤੇ ਅਧਿਕਾਰੀਆਂ ਨੂੰ ਮੌਕੇ ਦੀ ਹਕੀਕਤ ਤੋਂ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਦੀਆਂ ਇਹ ਲਗਾਤਾਰ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਕਿ ਹੁਣ ਇਸ ਮਹੱਤਵਪੂਰਨ ਕੰਮ ਨੂੰ ਹਰੀ ਝੰਡੀ ਮਿਲ ਗਈ ਹੈ ਅਤੇ ਜਲਦੀ ਹੀ ਇਸ ਦਾ ਆਰੰਭ ਹੋਵੇਗਾ।
ਉਨ੍ਹਾਂ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਬਣੇ ਇਹ ਅੰਡਰਬ੍ਰਿਜ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਏ ਹਨ, ਪਰ ਬਰਸਾਤੀ ਮੌਸਮ ਦੌਰਾਨ ਇਨ੍ਹਾਂ ਵਿੱਚ ਪਾਣੀ ਭਰ ਜਾਣ ਕਾਰਨ ਆਵਾਜਾਈ ਬਹੁਤ ਪ੍ਰਭਾਵਿਤ ਹੋ ਜਾਂਦੀ ਸੀ। ਕਈ ਵਾਰ ਲੋਕਾਂ ਨੂੰ ਵੱਡੇ ਚੱਕਰ ਲਾਉਣੇ ਪੈਂਦੇ ਸਨ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਰੁਕਾਵਟਾਂ ਆਉਂਦੀਆਂ ਸਨ। ਚੀਮਾ ਨੇ ਕਿਹਾ ਕਿ ਸ਼ੈੱਡ ਪਾਉਣ ਨਾਲ ਮੀਂਹ ਦੇ ਪਾਣੀ ਦੀ ਸਿੱਧੀ ਆਮਦ ਘੱਟ ਹੋਵੇਗੀ ਅਤੇ ਪਾਣੀ ਭਰਨ ਦੀ ਸਮੱਸਿਆ ’ਤੇ ਕਾਬੂ ਪਾਇਆ ਜਾ ਸਕੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰਾਜੈਕਟ ਨਹੀਂ, ਸਗੋਂ ਹਲਕੇ ਦੇ ਵਿਕਾਸ ਵੱਲ ਇਕ ਹੋਰ ਮਜ਼ਬੂਤ ਕਦਮ ਹੈ। ਉਨ੍ਹਾਂ ਨੇ ਦ੍ਰਿੜਤਾ ਨਾਲ ਕਿਹਾ ਕਿ ਉਹ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਜਿੱਥੇ ਵੀ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ, ਉਸ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਲਈ ਹੋਰ ਵਿਕਾਸੀ ਯੋਜਨਾਵਾਂ ਲਿਆਂਦੀਆਂ ਜਾਣਗੀਆਂ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਇਲਾਕੇ ਦੇ ਵਸਨੀਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਲੋਕਾਂ ਨੇ ਸੱਜਣ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੁਣ ਮਿਲਣ ਜਾ ਰਿਹਾ ਹੈ, ਜਿਸ ਨਾਲ ਖਾਸ ਕਰ ਕੇ ਬਰਸਾਤੀ ਮੌਸਮ ਵਿੱਚ ਆਉਣ ਵਾਲੀਆਂ ਦਿੱਕਤਾਂ ਤੋਂ ਵੱਡੀ ਰਾਹਤ ਮਿਲੇਗੀ।