--ਪ੍ਰਭਾਤ ਫੇਰੀਆਂ ਰਾਹੀਂ ਗੂੰਜ ਰਿਹਾ ‘ਸਤਿਨਾਮ ਵਾਹਿਗੁਰੂ’ ਦਾ ਜਾਪ --ਗੁਰਦੁਆਰਾ ਗੁਰੂ ਕਾ ਬਾਗ ਤੋਂ ਰੋਜ਼ਾਨਾ ਸਜਾਈਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਧਾਰਮਿਕ ਸਰਗਰਮੀਆਂ ਤੇ ਗੁਰਮਈ ਮਾਹੌਲ ਪੂਰੀ ਸ਼ਰਧਾ ਨਾਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਮਾਤਾ ਸੁਲੱਖਣੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰੋਜ਼ਾਨਾ ਅੰਮ੍ਰਿਤ ਵੇਲੇ ਗੁਰਦੁਆਰਾ ਗੁਰੂ ਕੇ ਬਾਗ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਪ੍ਰਭਾਤ ਵੇਲੇ ਜਦੋਂ ਸੰਗਤਾਂ ਗੁਰਬਾਣੀ ਦਾ ਜਾਪ ਕਰਦੀਆਂ ਹੋਈਆਂ ਸਤਿਨਾਮ ਵਾਹਿਗੁਰੂ ਦਾ ਸਿਮਰਨ ਕਰਦੀਆਂ ਹਨ ਤਾਂ ਸਮੁੱਚਾ ਵਾਤਾਵਰਨ ਰੂਹਾਨੀ ਰੰਗ ਵਿੱਚ ਰੰਗਿਆ ਜਾਂਦਾ ਹੈ। ਸੁਸਾਇਟੀ ਦੀਆਂ ਬੀਬੀਆਂ ਵੱਲੋਂ ਬੜੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨੋਹਰ ਕੀਰਤਨ ਕਰਕੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਂਦਾ ਹੈ। ਪ੍ਰਭਾਤ ਫੇਰੀਆਂ ਦੌਰਾਨ ਬੀਬੀਆਂ ਹਰਜਸ ਕੀਰਤਨ ਤੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਰਾਹੀਂ ਸੰਗਤਾਂ ਨੂੰ ਸਿੱਖੀ ਦੇ ਮਹਾਨ ਫਲਸਫ਼ੇ, ਗੁਰੂ ਸਾਹਿਬ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਬਰਾਬਰਤਾ ਦੇ ਮਾਰਗ ਬਾਰੇ ਜਾਣੂ ਕਰਵਾ ਰਹੀਆਂ ਹਨ। ਇਸ ਦੇ ਨਾਲ ਹੀ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ, ਗੁਰਪੁਰਬ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰਭਾਤ ਫੇਰੀਆਂ ਰਾਹੀਂ ਗੁਰੂ ਨਾਨਕ ਦੇਵ ਜੀ ਦਾ ਸਰਬ ਸਾਂਝੀਵਾਲਤਾ ਤੇ ਸਮੁੱਚੀ ਮਾਨਵਤਾ ਦੇ ਭਲੇ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਮੁੱਚੀ ਸਿੱਖ ਸੰਗਤ ਲਈ ਬੇਹੱਦ ਸ਼ਰਧਾ ਤੇ ਖੁਸ਼ੀ ਦਾ ਦਿਹਾੜਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਪ੍ਰਭਾਤ ਫੇਰੀਆਂ ਅਤੇ ਗੁਰਪੁਰਬ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਅੰਮ੍ਰਿਤ ਵੇਲੇ ਗੁਰੂ ਸਾਹਿਬ ਦੀ ਬਾਣੀ ਦਾ ਜਾਪ ਤੇ ਨਾਮ ਸਿਮਰਨ ਮਨੁੱਖੀ ਮਨ ਨੂੰ ਸ਼ਾਂਤੀ, ਸਕੂਨ ਤੇ ਆਤਮਿਕ ਬਲ ਪ੍ਰਦਾਨ ਕਰਦਾ ਹੈ। ਇਸੇ ਤਰ੍ਹਾਂ ਸੁਸਾਇਟੀ ਦੇ ਖ਼ਜ਼ਾਨਚੀ ਡਾਕਟਰ ਗੁਰਦੇਵ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਤੋਂ ਸੇਧ ਲੈ ਕੇ ਹੀ ਇਕ ਚੰਗੇ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਲਾਡੀ, ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤ ਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਤੋਂ ਇਲਾਵਾ ਸੁਸਾਇਟੀ ਦੀ ਪ੍ਰਧਾਨ ਗੁਰਮੇਲ ਕੌਰ, ਮੀਤ ਪ੍ਰਧਾਨ ਮਨਜੀਤ ਕੌਰ, ਨਿਰਮਲ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਅਮੀਰਗੜ੍ਹ ਵਾਲੀ, ਕਮਲਜੀਤ ਕੌਰ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਪਰਮਿੰਦਰ ਕੌਰ, ਜਸਪਾਲ ਕੌਰ, ਕੁਲਵਿੰਦਰ ਕੌਰ, ਅਮਰਜੀਤ ਕੌਰ, ਹਰਵੰਸ਼ ਕੌਰ, ਸੋਨੀਆ, ਅਮਰਜੀਤ ਕੌਰ, ਅਮਨਦੀਪ ਕੌਰ, ਮਨਦੀਪ ਕੌਰ, ਨਰਿੰਦਰ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ, ਅਨੀਤਾ ਰਾਣੀ ਤੇ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।