ਬਿੱਟੂ ਨੇ ਭਾਜਪਾ ਆਗੂਆਂ ਨੂੰ ਦਿਖਾਈਆਂ ਕਾਲੀਆਂ ਝੰਡੀਆਂ ਬਿੱਟੂ ਨੇ ਭਾਜਪਾ ਆਗੂਆਂ ਨੂੰ ਦਿਖਾਈਆਂ ਕਾਲੀਆਂ ਝੰਡੀਆਂ
Publish Date: Tue, 29 Sep 2026 08:52 PM (IST)
Updated Date: Tue, 29 Sep 2026 08:54 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮੁੱਦੇ ਨੂੰ ਲੈ ਕੇ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਫਗਵਾੜਾ ਪਹੁੰਚਣ ’ਤੇ ਵਿਕਾਸ ਮੋਰਚਾ ਪੰਜਾਬ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਯੁਵਾ ਵਿਕਾਸ ਮੋਰਚਾ ਪੰਜਾਬ ਨਾਲ ਜੁੜੇ ਆਗੂਆਂ ਤੇ ਕਾਂਗਰਸ ਐੱਸਸੀ ਸੈੱਲ ਪੰਜਾਬ ਦੇ ਸਕੱਤਰ ਕਰਮਜੀਤ ਸਿੰਘ ਬਿੱਟੂ ਵੱਲੋਂ ਭਾਜਪਾ ਦੀ ਸਟੇਜ ਨੇੜੇ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਤੇ ਭਾਜਪਾ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਰਮਜੀਤ ਸਿੰਘ ਬਿੱਟੂ ਤੋਂ ਇਲਾਵਾ ਮੋਰਚਾ ਦੇ ਪੰਜਾਬ ਪ੍ਰਧਾਨ ਅਨੁ ਸਹੋਤਾ, ਸੂਬਾ ਜਨਰਲ ਸਕੱਤਰ ਅਸ਼ਵਨੀ ਸਹੋਤਾ ਨੇ ਕਿਹਾ ਕਿ ਅੱਜ ਦੇ ਵਿਰੋਧ ਦਾ ਇੱਕ ਮੁੱਖ ਕਾਰਨ ਪੰਜਾਬ ਵਿੱਚ ਡਾ. ਬੀਆਰ ਅੰਬੇਡਕਰ ਦੀਆਂ ਮੂਰਤੀਆਂ ਨਾਲ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਸਨਮਾਨ ਤੇ ਉਨ੍ਹਾਂ ਦੀ ਵਿਚਾਰਧਾਰਾ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ, ਜਿਸ ਦੇ ਚਲਦਿਆਂ ਯੁਵਾ ਵਿਕਾਸ ਮੋਰਚਾ ਪੰਜਾਬ ਵੱਲੋਂ ਭਾਜਪਾ ਦੀ ਯਾਤਰਾ ਦੌਰਾਨ ਆਪਣਾ ਵਿਰੋਧ ਦਰਜ ਕਰਵਾਇਆ ਗਿਆ ਹੈ। ਕਰਮਜੀਤ ਸਿੰਘ ਬਿੱਟੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਡਾ. ਬੀਆਰ ਅੰਬੇਡਕਰ ਸਬੰਧੀ ਕੀਤੀ ਟਿੱਪਣੀ ਦਾ ਵੀ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਵਿਰੋਧ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਸੰਬਰ 2024 ਵਿੱਚ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਨੂੰ ਲੈ ਕੇ ਅਮਿਤ ਸ਼ਾਹ ਦੀ ਹਰ ਰੈਲੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁੱਧਵਾਰ ਨੂੰ ਜਲੰਧਰ ‘ਚ ਯਾਤਰਾ ਦੀ ਸਮਾਪਤੀ ਮੌਕੇ ਫੇਰੀ ਨੂੰ ਦੇਖਦੇ ਹੋਏ ਅੱਜ ਵਿਰੋਧ ਦਰਜ ਕਰਵਾਇਆ ਗਿਆ ਹੈ। ਕਰਮਜੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਕਿਸੇ ਵੀ ਮੁਹਿੰਮ ਦਾ ਵਿਰੋਧ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਜਥੇਬੰਦੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੰਮ ਕਰਦੀ ਹੈ ਤਾਂ ਉਹ ਉਸ ਦਾ ਵਿਰੋਧ ਨਹੀਂ ਕਰਨਗੇ, ਪਰ ਇਸ ਮੁੱਦੇ ਦੇ ਨਾਲ ਬਾਬਾ ਸਾਹਿਬ ਅੰਬੇਡਕਰ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਭਾਜਪਾ ਖ਼ਿਲਾਫ਼ ਆਪਣਾ ਰੋਸ ਜ਼ਰੂਰ ਜਤਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਮੁੱਦਾ ਹੈ ਤੇ ਇਸ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਇਸ ਦੌਰਾਨ ਯੁਵਾ ਵਿਕਾਸ ਮੋਰਚਾ ਪੰਜਾਬ ਨਾਲ ਜੁੜੇ ਆਗੂਆਂ ਨੇ ਕਾਲੀਆਂ ਝੰਡੀਆਂ ਦਿਖਾਉਂਦਿਆਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੇ ਸਨਮਾਨ ਤੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਵੱਲੋਂ ਆਪਣਾ ਵਿਰੋਧ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਰਣਜੀਤ ਸਿਕਰੀ, ਪੰਚ ਅਮਰਦੀਪ ਢੰਡਾ, ਸਤਿੰਦਰ ਸੱਤੀ ਚੱਕਪ੍ਰੇਮਾ ਸਾਗਰ, ਸਮਰਾਟ, ਅਸ਼ਵਨੀ ਸਹੋਤਾ ਅਤੇ ਯੁਵਾ ਵਿਕਾਸ ਮੋਰਚਾ ਦੇ ਜਨਰਲ ਸਕੱਤਰ ਸਮੇਤ ਹੋਰ ਆਗੂ ਮੌਜੂਦ ਸਨ।