ਭਾਜਪਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ’ਚ ਵਿਸ਼ਵਾਸ ਰੱਖਦਾ : ਠਾਕੁਰ
ਭਾਜਪਾ ਸਾਰੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ : ਪ੍ਰਦੀਪ ਠਾਕੁਰ
Publish Date: Tue, 10 Feb 2026 08:58 PM (IST)
Updated Date: Tue, 10 Feb 2026 08:59 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸ-ਮੁਖੀ ਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਤੇਜ਼ੀ ਨਾਲ ਸ਼ਾਮਲ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਤੇ ਸੂਬਾ ਚੀਫ ਕੋਆਰਡੀਨੇਟਰ ਪ੍ਰਦੀਪ ਠਾਕੁਰ ਨੇ ਕਪੂਰਥਲਾ ਵਿਚ ਪੱਤਰਕਾਰਾਂ ਤੇ ਪਾਰਟੀ ਵਰਕਰਾਂ ਨਾਲ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਾਜਨੀਤਿਕ ਮਾਹੌਲ ਬਦਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦਾ ਗ੍ਰਾਫ ਦਿਨੋਂ-ਦਿਨ ਵੱਧ ਰਿਹਾ ਹੈ, ਜਿਸ ਨੇ ਵਿਰੋਧੀ ਪਾਰਟੀਆਂ ਦੀਆਂ ਰਾਤਾਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਸਿਰਫ਼ ਵਾਅਦਿਆਂ ’ਤੇ ਨਹੀਂ ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਕੇਂਦਰ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਲਾਭ ਪ੍ਰਦਾਨ ਕਰ ਰਹੀ ਹੈ, ਜਿਸ ਦੇ ਨਤੀਜੇ ਅੱਜ ਦਿਖਾਈ ਦੇ ਰਹੇ ਹਨ। ਆਉਣ ਵਾਲੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ’ਤੇ ਚਰਚਾ ਕਰਦਿਆਂ ਪ੍ਰਦੀਪ ਠਾਕੁਰ ਨੇ ਕਿਹਾ ਕਿ ਭਾਜਪਾ ਸੂਬੇ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਇਨ੍ਹਾਂ ਚੋਣਾਂ ਨੂੰ ਭਾਰੀ ਬਹੁਮਤ ਨਾਲ ਜਿੱਤੇਗੀ ਤੇ ਆਪਣੇ ਵਿਰੋਧੀਆਂ ਨੂੰ ਢੁਕਵਾਂ ਜਵਾਬ ਦੇਵੇਗੀ। ਪ੍ਰਦੀਪ ਠਾਕੁਰ ਨੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਦਾ ਪ੍ਰਚਾਰ ਕਰਨ। ਵਰਕਰਾਂ ਦੀ ਸਖ਼ਤ ਮਿਹਨਤ ਹੀ ਉਹ ਨੀਂਹ ਹੈ ਜਿਸ ’ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਦੀ ਇਮਾਰਤ ਉਸਾਰੀ ਜਾਵੇਗੀ, ਜੋ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਲੈ ਜਾਵੇਗੀ। ਇਸ ਮੌਕੇ ਕਈ ਸਥਾਨਕ ਪਾਰਟੀ ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦੁਹਰਾਈ।