ਨਵ-ਨਿਯੁਕਤ ਡੀਸੀ ਬਾਂਸਲ ਦਾ ਸਵਾਗਤ ਕੀਤਾ, ਮੈਡੀਕਲ ਕਾਲਜ ਨਿਰਮਾਣ ਬਾਰੇ ਹੋਈ ਚਰਚਾ
ਭਾਜਪਾ ਆਗੂ ਉਮੇਸ਼ ਸ਼ਾਰਦਾ ਨੇ ਨਵ-ਨਿਯੁਕਤ ਡੀਸੀ ਆਕਾਸ਼ ਬਾਂਸਲ ਦਾ ਸਵਾਗਤ ਕੀਤਾ, ਮੈਡੀਕਲ ਕਾਲਜ ਨਿਰਮਾਣ ਬਾਰੇ ਹੋਈ ਚਰਚਾ
Publish Date: Wed, 22 Apr 2026 09:34 PM (IST)
Updated Date: Thu, 23 Apr 2026 04:11 AM (IST)

ਕੈਪਸ਼ਨ : 22ਕੇਪੀਟੀ41 ਨਵ-ਨਿਯੁਕਤ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਭਾਜਪਾ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ ਤੇ ਹੋਰ। ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਵਿਰਾਸਤੀ ਸ਼ਹਿਰ ’ਚ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ ਦੀ ਅਗਵਾਈ ’ਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ ਭਾਜਪਾ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਕਪੂਰਥਲਾ ਦੇ ਵਿਕਾਸ, ਪ੍ਰਗਤੀ ਤੇ ਪ੍ਰਸ਼ਾਸਕੀ ਮਾਮਲਿਆਂ ’ਤੇ ਚਰਚਾ ਕੀਤੀ ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਮੇਸ਼ ਸ਼ਾਰਦਾ ਨੇ ਕਪੂਰਥਲਾ ਦੀਆਂ ਸਮੱਸਿਆਵਾਂ, ਖਾਸ ਕਰਕੇ ਮੈਡੀਕਲ ਕਾਲਜ ਦੀ ਉਸਾਰੀ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀ ਜ਼ਰੂਰਤ ਤੇ ਗੰਭੀਰਤਾ ਨਾਲ ਚਰਚਾ ਕੀਤੀ ਅਤੇ ਇਨ੍ਹਾਂ ਸਮੱਸਿਆਵਾਂ ਦੇ ਜਲਦੀ ਹੱਲ ਦੀ ਅਪੀਲ ਕੀਤੀ। ਮੁਲਾਕਾਤ ਦੌਰਾਨ ਉਮੇਸ਼ ਸ਼ਾਰਦਾ ਨੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਕੋਲ ਮੈਡੀਕਲ ਕਾਲਜ ਦੀ ਉਸਾਰੀ ਵਿੱਚ ਦੇਰੀ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਮੈਡੀਕਲ ਕਾਲਜ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਸੀ।ਕੇਂਦਰ ਸਰਕਾਰ ਵੱਲੋਂ ਆਪਣੇ ਹਿੱਸੇ ਦਾ 60% ਫੰਡ ਮੁਹੱਈਆ ਕਰਵਾਉਣ ਦੇ ਬਾਵਜੂਦ, ਮੈਡੀਕਲ ਕਾਲਜ ਦੀ ਉਸਾਰੀ ਵਿੱਚ ਦੇਰੀ ਕਈ ਸਵਾਲ ਖੜ੍ਹੇ ਕਰਦੀ ਹੈ।ਮੁਲਾਕਾਤ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਉਮੇਸ਼ ਸ਼ਾਰਦਾ ਨੂੰ ਦੱਸਿਆ ਕਿ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਟੈਂਡਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਦਿੱਤਾ ਗਿਆ ਹੈ। ਉਮੇਸ਼ ਸ਼ਾਰਦਾ ਨੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੂੰ ਦੱਸਿਆ ਕਿ 2019 ਵਿੱਚ ਮੈਡੀਕਲ ਕਾਲਜ ਦੀ ਲਾਗਤ ₹325 ਕਰੋੜ ਦਾ ਅਨੁਮਾਨ ਲਗਾਇਆ ਗਿਆ ਸੀ,ਜੋ ਬਾਅਦ ਵਿੱਚ ਵਧ ਕੇ ਲਗਭਗ ₹400 ਕਰੋੜ ਹੋ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਬਿਆਨ ਕਿ ਉਸਾਰੀ ਦੀ ਲਾਗਤ ਹੁਣ 275 ਕਰੋੜ ਹੈ,ਕਈ ਸਵਾਲ ਖੜ੍ਹੇ ਕਰਦਾ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਉਮੇਸ਼ ਸ਼ਾਰਦਾ ਨੂੰ ਕੇਂਦਰ ਸਰਕਾਰ ਤੋਂ ਆਪਣੇ 60% ਹਿੱਸੇ ਦੀ ਪੁਸ਼ਟੀ ਕਰਨ ਵਾਲਾ ਪੱਤਰ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਉਹ ਇਸ ਮਾਮਲੇ ਦੀ ਜਾਂਚ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਭਾਜਪਾ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਤਰਜੀਹ ਕਪੂਰਥਲਾ ਜ਼ਿਲ੍ਹੇ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਪ੍ਰਦਾਨ ਕਰਨਾ ਅਤੇ ਜ਼ਿਲ੍ਹੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਪੂਰਾ ਕਰਨਾ ਹੋਵੇਗਾ । ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿੱਚ ਸਾਰੇ ਲੰਬਿਤ ਪ੍ਰੋਜੈਕਟਾਂ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ ਤੇ ਨਾ ਹੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਭਾਜਪਾ ਆਗੂ ਮੰਨੂ ਧੀਰ,ਐਡਵੋਕੇਟ ਚੰਦਰ ਸ਼ੇਖਰ, ਅਨੀਸ਼ ਅਗਰਵਾਲ,ਪ੍ਰੇਮ ਅਗਰਵਾਲ ਆਦਿ ਹਾਜ਼ਰ ਸਨ।