- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
28 ਸਤੰਬਰ ਨੂੰ ਕਪੂਰਥਲਾ ਪਹੁੰਚੇਗੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ : ਖੋਜੇਵਾਲ

--ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਵੇਗਾ ਜਾਗਰੂਕ : ਭਾਜਪਾ
--ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ, ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਕਪੂਰਥਲਾ ਸ਼ਹਿਰ ਵਿਖੇ ਪਹੁੰਚੇਗੀ, ਜਿੱਥੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਇਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਯਾਤਰਾ ਦੀਆਂ ਤਿਆਰੀਆਂ ਸਬੰਧੀ ਆਯੋਜਿਤ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹਲਕਾ ਕਪੂਰਥਲਾ ਵਿਚ ਯਾਤਰਾ ਦੇ ਸਵਾਗਤ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਵਾਗਤ ਦੀ ਅਗਵਾਈ ਭਾਜਪਾ ਜ਼ਿਲਾ ਪ੍ਰਧਾਨ ਚੇਤਨ ਸੂਰੀ ਕਰਨਗੇ, ਜਿਸ ਵਿਚ ਪਾਰਟੀ ਦੇ ਅਹੁਦੇਦਾਰ, ਮੰਡਲ ਆਗੂ, ਮਹਿਲਾ ਤੇ ਯੂਥ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਖੋਜੇਵਾਲ ਨੇ ਕਿਹਾ ਕਿ ਨਸ਼ਾ ਪੂਰੇ ਸਮਾਜ ਨਾਲ ਜੁੜਿਆ ਇਕ ਗੰਭੀਰ ਮੁੱਦਾ ਹੈ। ਇਸ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਮਾਜਿਕ, ਧਾਰਮਿਕ, ਵਪਾਰਕ ਤੇ ਵੱਖ-ਵੱਖ ਜਥੇਬੰਦੀਆਂ ਨੂੰ ਵੀ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਮੂਹ ਇਲਾਕਾ ਵਾਸੀਆਂ, ਨੌਜਵਾਨਾਂ ਤੇ ਵਰਕਰਾਂ ਨੂੰ 28 ਸਤੰਬਰ ਨੂੰ ਇਸ ਯਾਤਰਾ ਦੇ ਸਵਾਗਤ ਲਈ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਖੋਜੇਵਾਲ ਨੇ ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਤੇ ਨੌਜਵਾਨਾਂ ਦੇ ਨਸ਼ਿਆਂ ਦੇ ਲਗਾਤਾਰ ਸ਼ਿਕਾਰ ਹੋਣ ਦੇ ਮੁੱਦੇ ਨੂੰ ਲੈ ਕੇ ਸੂਬੇ ਦੀ ਆਪ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਦਾਅਵਿਆਂ ਦੇ ਉਲਟ ਸੂਬੇ ਵਿਚ ਨਸ਼ਿਆਂ ਦਾ ਕਾਰੋਬਾਰ ਦਿਨ-ਬ-ਦਿਨ ਵਧ ਰਿਹਾ ਹੈ ਤੇ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਖੋਜੇਵਾਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਤੋਂ ਦੁਖੀ ਲੋਕ ਹੁਣ ਆਉਣ ਵਾਲੀ ਸਰਕਾਰ ਭਾਜਪਾ ਪਾਰਟੀ ਦੀ ਬਣਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਲੜਾਈ ’ਚ ਭਾਜਪਾ ਦਾ ਸਾਥ ਦੇਣ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਇਕੱਠੇ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ, ਸਿੱਖਿਆ ਤੇ ਸਿਹਤ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਕਦਮ ਚੁੱਕੇਗੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਕਪੂਰ ਚੰਦ ਥਾਪਰ, ਦਫਤਰ ਸਕੱਤਰ ਦਵਿੰਦਰ ਧੀਰ, ਮੰਡਲ ਪ੍ਰਧਾਨ ਕਮਲ ਪ੍ਰਭਾਕਰ, ਮੰਡਲ ਪ੍ਰਧਾਨ ਲੱਕੀ ਸਰਪੰਚ, ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਜਰਨਲ ਸਕੱਤਰ ਮੱਸਾ ਸਿੰਘ, ਮਨਰਾਜ ਸਿੰਘ ਦਿਓਲ ਆਦਿ ਹਾਜ਼ਰ ਸਨ।