ਭਾਜਪਾ ਦਾ ਵਧਦਾ ਕਾਫਲਾ ਵਿਰੋਧੀਆਂ ਦੀ ਨੀਂਦ ਉਡਾ ਰਿਹਾ : ਠਾਕੁਰ
ਪੰਜਾਬ ’ਚ ਭਾਜਪਾ ਦਾ ਵਧਦਾ ਕਾਫਲਾ ਵਿਰੋਧੀਆਂ ਦੀ ਨੀਂਦ ਉਡਾ ਰਿਹਾ ਹੈ : ਪ੍ਰਦੀਪ ਠਾਕੁਰ
Publish Date: Sat, 11 Apr 2026 07:12 PM (IST)
Updated Date: Sat, 11 Apr 2026 07:15 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਵਿੱਚ ਭਾਜਪਾ ਦਾ ਗ੍ਰਾਫ਼ ਦਿਨੋਂ-ਦਿਨ ਵੱਧ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਐੱਸਸੀ ਮੋਰਚਾ ਦੇ ਸੂਬਾ ਚੀਫ ਕੋਆਰਡੀਨੇਟਰ ਪ੍ਰਦੀਪ ਠਾਕੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕਿਸਾਨ-ਪੱਖੀ ਅਤੇ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਤੇਜ਼ੀ ਨਾਲ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਾਜਪਾ ਦੇ ਵਧਦੇ ਆਧਾਰ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਵਿਰੋਧੀ ਪਾਰਟੀਆਂ ਕੋਲ ਹੁਣ ਕੋਈ ਠੋਸ ਮੁੱਦੇ ਨਹੀਂ ਹਨ, ਇਸ ਲਈ ਉਹ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਪੰਜਾਬ ਦੇ ਸੂਝਵਾਨ ਵੋਟਰ ਹੁਣ ਪੂਰੀ ਤਰ੍ਹਾਂ ਸਮਝ ਗਏ ਹਨ ਕਿ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਸੂਬੇ ਦਾ ਸੱਚਮੁੱਚ ਵਿਕਾਸ ਕਰ ਸਕਦੀ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਮਾਜ ਦੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਦੇਸ਼ ਵਾਸੀਆਂ ਦੀ ਸੇਵਾ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸੂਬੇ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਪੂਰੀ ਤਾਕਤ ਲਗਾਏਗੀ ਤੇ ਭਾਰੀ ਜਿੱਤ ਪ੍ਰਾਪਤ ਕਰ ਆਪਣੇ ਵਿਰੋਧੀਆਂ ਨੂੰ ਢੁੱਕਵਾਂ ਜਵਾਬ ਦੇਵਾਂਗੇ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਸੂਬੇ ਨੂੰ ਕਰਜ਼ੇ ਦੇ ਜਾਲ ਵਿੱਚ ਧੱਕਣ ਦਾ ਵੀ ਦੋਸ਼ ਲਾਇਆ। ਸੂਬੇ ਦਾ ਕੁੱਲ ਕਰਜ਼ਾ ਮਾਰਚ 2026 ਤੱਕ 4.17 ਲੱਖ ਕਰੋੜ ਤੋਂ ਵਧ ਕੇ 4.5 ਲੱਖ ਕਰੋੜ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਨਸ਼ਾਖੋਰੀ, ਭ੍ਰਿਸ਼ਟਾਚਾਰ, ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਅਤੇ ਕਰਜ਼ੇ ਦੇ ਬੋਝ ਨੂੰ ਦੂਰ ਕਰਨ ਲਈ 2027 ਵਿੱਚ ਮੋਦੀ ਦੀ ਅਗਵਾਈ ਹੇਠ ਡਬਲ-ਇੰਜਣ ਭਾਜਪਾ ਸਰਕਾਰ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਾਂ ਅਤੇ ਰਾਜਨੀਤਿਕ ਰੈਲੀਆਂ ’ਤੇ ਜਨਤਕ ਪੈਸਾ ਬਰਬਾਦ ਕਰ ਰਹੀ ਹੈ, ਜਿਸ ਨਾਲ ਸੂਬੇ ਦੀ ਆਰਥਿਕ ਸਥਿਤੀ ਵਿਗੜ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਡਬਲ-ਇੰਜਣ ਭਾਜਪਾ ਸਰਕਾਰ ਬਣਾਉਣਾ ਹੈ, ਤਾਂ ਜੋ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਅਤੇ ਨਸ਼ਾ ਮੁਕਤ ਬਣਾਇਆ ਜਾ ਸਕੇ।