ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਅਹਿਮ ਮਸਲਾ : ਨਰੇਸ਼ ਬਲਾਕ ਕਾਂਗਰਸ ਫਗਵਾੜਾ (ਸ਼ਹਿਰੀ) ਦੇ ਪ੍ਰਧਾਨ ਨੇ ਕੀਤੀ ਪ੍ਰੈਸ ਕਾਨਫੰਰਸ
Publish Date: Sun, 27 Sep 2026 08:34 PM (IST)
Updated Date: Sun, 27 Sep 2026 08:36 PM (IST)
ਬਲਾਕ ਕਾਂਗਰਸ ਫਗਵਾੜਾ (ਸ਼ਹਿਰੀ) ਦੇ ਪ੍ਰਧਾਨ ਨੇ ਪ੍ਰੈੱਸ ਕਾਨਫੰਰਸ ’ਚ ਅਹਿਮ ਮੁੱਦੇ ਚੁੱਕੇ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਨਰੇਸ਼ ਭਾਰਦਵਾਜ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਤਿੰਨ ਅਹਿਮ ਮੁੱਦਿਆਂ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਫਗਵਾੜਾ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਹੋਈ ਬਦਸਲੂਕੀ, ਪੰਜਾਬ ਭਰ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤਾਂ ਨਾਲ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੇ ਫਗਵਾੜਾ-ਜਲੰਧਰ ਰੋਡ ’ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਵਿੱਚ ਬੀਤੀ ਰਾਤ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਨਾਲ ਜੁੜੇ ਕਥਿਤ ਜਬਰ-ਜਨਾਹ ਦੇ ਮਾਮਲੇ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਤੋਂ ਸਪੱਸ਼ਟਤਾ ਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਅ=ਤੇ ਨਿਰਪੱਖਤਾ ਲਈ ਪ੍ਰੈੱਸ ਦੀ ਆਜ਼ਾਦੀ ਬੇਹੱਦ ਜ਼ਰੂਰੀ ਹੈ। ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਉਨ੍ਹਾਂ ਕਿਹਾ ਕਿ ਜਨਤਾ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਤੇ ਸਰਕਾਰ ਦੀਆਂ ਨੀਤੀਆਂ ਤੇ ਕੰਮਕਾਜ ’ਤੇ ਨਜ਼ਰ ਰੱਖਣ ਵਿੱਚ ਪ੍ਰੈੱਸ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ’ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਸਿੱਧੇ ਤੌਰ ’ਤੇ ਨਾਗਰਿਕਾਂ ਦੇ ਮੂਲ ਅਧਿਕਾਰਾਂ ਤੇ ਲੋਕਤੰਤਰ ਦੀਆਂ ਜੜ੍ਹਾਂ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੀਡੀਆ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ ਤਾਂ ਆਮ ਲੋਕਾਂ ਤੱਕ ਸਹੀ ਤੇ ਨਿਰਪੱਖ ਜਾਣਕਾਰੀ ਪਹੁੰਚਣ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਸਮਾਜ ਵਿੱਚ ਭ੍ਰਿਸ਼ਟਾਚਾਰ ਤੇ ਅਰਾਜਕਤਾ ਨੂੰ ਵਧਣ ਦਾ ਮੌਕਾ ਮਿਲਦਾ ਹੈ। ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨਾਲ ਵਾਪਰ ਰਹੀਆਂ ਭੰਨਤੋੜ ਤੇ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਨਰੇਸ਼ ਭਾਰਦਵਾਜ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਬੇਹੱਦ ਦੁੱਖਦਾਈ ਹਨ ਤੇ ਸਮਾਜਿਕ ਭਾਈਚਾਰੇ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਨੂੰ ਸਮਾਨਤਾ, ਆਜ਼ਾਦੀ ਤੇ ਭਾਈਚਾਰੇ ਦੇ ਸਿਧਾਂਤਾਂ ’ਤੇ ਆਧਾਰਿਤ ਸੰਵਿਧਾਨ ਦਿੱਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ਜਾਂ ਤਸਵੀਰ ਦੀ ਬੇਅਦਬੀ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਮਹਾਨ ਸ਼ਖ਼ਸੀਅਤ ਦਾ ਅਪਮਾਨ ਨਹੀਂ, ਸਗੋਂ ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਵੀ ਅਪਮਾਨਜਨਕ ਕਾਰਵਾਈ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵੀ ਢੁੱਕਵੇਂ ਕਦਮ ਚੁੱਕੇ ਜਾਣ। ਐੱਲਪੀਯੂ ਵਿੱਚ ਬੀਤੀ ਰਾਤ ਸਾਹਮਣੇ ਆਏ ਕਥਿਤ ਜਬਰ-ਜਨਾਹ ਦੇ ਮਾਮਲੇ ਤੇ ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਬਾਰੇ ਗੱਲ ਕਰਦਿਆਂ ਨਰੇਸ਼ ਭਾਰਦਵਾਜ ਨੇ ਇਸ ਨੂੰ ਬੇਹੱਦ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਅਹਿਮ ਮਸਲਾ ਹੈ ਤੇ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹਿਲਾਂ ਵੀ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਵਿਵਾਦਾਂ ਵਿੱਚ ਰਹੀ ਹੈ ਤੇ ਯੂਨੀਵਰਸਿਟੀ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਕਥਿਤ ਤੌਰ ’ਤੇ ਦਬਾਉਣ ਦੀਆਂ ਗੱਲਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਦੋਸ਼ਾਂ ਤੇ ਪਿਛਲੀਆਂ ਘਟਨਾਵਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਤੇ ਜੇਕਰ ਕਿਸੇ ਪੱਧਰ ’ਤੇ ਲਾਪਰਵਾਹੀ ਜਾਂ ਗਲਤੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ। ਬਲਾਕ ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਦੋਵਾਂ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਪ੍ਰਬੰਧਨ ਨਾਲ ਜੁੜੇ ਇੱਕ ਉੱਚ ਅਧਿਕਾਰੀ ਦੇ ਪਹਿਲਾਂ ਆਮ ਆਦਮੀ ਪਾਰਟੀ ਨਾਲ ਸਬੰਧਤ ਰਹਿਣ ਤੇ ਬਾਅਦ ਵਿੱਚ ਭਾਜਪਾ ਨਾਲ ਜੁੜਨ ਦੇ ਸੰਦਰਭ ਵਿੱਚ ਵੀ ਸਿਆਸੀ ਪੱਖੋਂ ਸਵਾਲ ਉੱਠਦੇ ਹਨ। ਜੇਕਰ ਪਹਿਲਾਂ ਇਨ੍ਹਾਂ ਮਾਮਲਿਆਂ ’ਤੇ ਚੁੱਪੀ ਰਹੀ ਤੇ ਹੁਣ ਸਿਆਸੀ ਹਾਲਾਤ ਬਦਲਣ ਤੋਂ ਬਾਅਦ ਇਨ੍ਹਾਂ ਮਾਮਲਿਆਂ ਨੂੰ ਉਠਾਇਆ ਜਾ ਰਿਹਾ ਹੈ ਤਾਂ ਇਸ ਦੀ ਵੀ ਸਪੱਸ਼ਟਤਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਨਹੀਂ ਹੋਣਾ ਚਾਹੀਦਾ ਤੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਇਨਸਾਫ਼ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਗਮ ਪਰਾਸ਼ਰ, ਸਾਬਕਾ ਬਲਾਕ ਪ੍ਰਧਾਨ ਸੰਜੀਵ ਬੁੱਗਾ ਕੌਂਸਲਰ, ਗੁਰਜੀਤ ਪਾਲ ਵਾਲੀਆ ਪੰਜਾਬ ਡੈਲੀਗੇਟ, ਜਗਜੀਤ ਸਿੰਘ ਬਿੱਟੂ, ਤਰਨਜੀਤ ਸਿੰਘ ਬੰਟੀ ਵਾਲੀਆ ਕੌਂਸਲਰ ਤੋਂ ਇਲਾਵਾ ਸੀਨੀਅਰ ਆਗੂ ਵਿਨੋਦ ਵਰਮਾਨੀ ਮਨੀਸ਼ ਪ੍ਰਭਾਕਰ, ਮੁਕੇਸ਼ ਭਾਟੀਆ, ਧੀਰਜ ਕੁਮਾਰ, ਸੰਜੀਵ ਸ਼ਰਮਾ ਟੀਟੂ, ਡਾ. ਰਮਨ ਸ਼ਰਮਾ, ਸੌਰਵ ਜੋਸ਼ੀ, ਬਲਵੰਤ ਸਿੰਘ, ਸੈਫੀ ਚੱਢਾ, ਅਵਿਨਾਸ਼ ਗੁਪਤਾ ਤੇ ਅਮਰਿੰਦਰ ਸਿੰਘ, ਪੀਏ ਟੂ ਐੱਮਐੱਲਏ ਧਾਲੀਵਾਲ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ।