ਕਿਸ਼ਤੀ ਦੌੜਾਂ ਦੇ ਮੁਕਾਬਲੇ ਕੱਲ੍ਹ ਤੋਂ, ਤਿਆਰੀਆਂ ਮੁਕੰਮਲ ਕਿਸ਼ਤੀ ਦੌੜਾਂ ਦੇ ਮੁਕਾਬਲੇ ਕੱਲ ਤੋਂ, ਤਿਆਰੀਆਂ ਮੁਕੰਮਲ
Publish Date: Thu, 08 Oct 2026 10:07 PM (IST)
Updated Date: Thu, 08 Oct 2026 10:08 PM (IST)
ਪੰਜਾਬ ਭਰ ਤੋਂ ਟੀਮਾਂ ਲੈਣਗੀਆਂ ਹਿੱਸਾ ਲਖਵੀਰ ਸਿੰਘ ਲੱਖੀ, ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਿਆਕਿੰਗ-ਕਨੋਇੰਗ ਦੇ ਚਾਰ ਰੋਜ਼ਾ ਕਿਸ਼ਤੀ ਮੁਕਾਬਲੇ ਭਲਕੇ 10 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀ ਤੇ ਟੀਮਾਂ ਇਨ੍ਹਾਂ ਜਲ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸੁਲਤਾਨਪੁਰ ਲੋਧੀ ਪਹੁੰਚਣਗੀਆਂ। ਮੁਕਾਬਲਿਆਂ ਦੀ ਰਸਮੀ ਸ਼ੁਰੂਆਤ 10 ਅਕਤੂਬਰ ਨੂੰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਕਿਆਕਿੰਗ-ਕਨੋਇੰਗ ਵਰਗੀਆਂ ਜਲ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਹਿੰਮਤ, ਆਤਮ-ਵਿਸ਼ਵਾਸ ਤੇ ਤੰਦਰੁਸਤੀ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਅੱਗੇ ਵਧਣ ਲਈ ਇੱਕ ਵਧੀਆ ਮੰਚ ਪ੍ਰਦਾਨ ਕਰਦੇ ਹਨ। ਕੋਚ ਅਮਨਦੀਪ ਸਿੰਘ ਖੈਹਰਾ ਨੇ ਦੱਸਿਆ ਕਿ ਚਾਰ ਦਿਨ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਕਰੀਬ 16 ਤੋਂ 20 ਜ਼ਿਲ੍ਹਿਆਂ ਦੇ ਖਿਡਾਰੀ ਹਿੱਸਾ ਲੈਣਗੇ। ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਅਧੀਨ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ ਤੇ 31 ਤੋਂ 40 ਸਾਲ ਉਮਰ ਵਰਗ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਨੂੰ ਸੁਚੱਜੇ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੇਡ ਵਿਭਾਗ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਖਿਡਾਰੀਆਂ ਦੀ ਸਹੂਲਤ, ਸੁਰੱਖਿਆ ਤੇ ਮੁਕਾਬਲਿਆਂ ਦੇ ਸੁਚਾਰੂ ਸੰਚਾਲਨ ਲਈ ਅਧਿਕਾਰੀਆਂ ਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੂਹ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਤੇ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕਰਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੁਕਾਬਲੇ ਨੌਜਵਾਨਾਂ ਨੂੰ ਜਲ ਖੇਡਾਂ ਨਾਲ ਜੋੜਨ ਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਣਗੇ। ਜ਼ਿਕਰਯੋਗ ਹੈ ਕਿ ਇਹ ਕਿਆਕਿੰਗ-ਕਨੋਇੰਗ ਮੁਕਾਬਲੇ ਜ਼ਿਲ੍ਹਾ ਖੇਡ ਵਿਭਾਗ, ਪੰਜਾਬ ਵੱਲੋਂ ਪਵਿੱਤਰ ਵੇਈਂ ਦੇ ਕਿਨਾਰੇ ਸਥਿਤ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਵਿਖੇ ਕਰਵਾਏ ਜਾ ਰਹੇ ਹਨ।