ਵੋਟਾਂ ਦੀ ਐੱਸਆਈਆਰ ਲਈ ਅੱਜ ਤੋਂ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ
ਵੋਟਾਂ ਦੀ ਐਸਆਈਆਰ ਲਈ ਅੱਜ ਤੋਂ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ
Publish Date: Wed, 24 Jun 2026 08:53 PM (IST)
Updated Date: Wed, 24 Jun 2026 08:55 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 23 ਤੇ 24 ਜੂਨ ਨੂੰ ਬੀਐੱਲਓਜ਼ ਅਤੇ ਬੀਐੱਲਏ-2 ਦੀ ਆਪਸੀ ਮੀਟਿੰਗ ਬਲਾਕ ਪ੍ਰਬੰਧਕੀ ਕੰਪਲੈਕਸ ਵਿਖੇ ਐੱਸਆਈਆਰ-2026 ਸਬੰਧੀ ਐੱਸਡੀਐੱਮ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਐੱਸਡੀਐੱਮ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸਆਈਆਰ) 2026 ਤਹਿਤ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ। ਉਨ੍ਹਾਂ ਕਿਹਾ ਕਿ ਐੱਸਆਈਆਰ ਦਾ ਉਦੇਸ਼ ਪਾਰਦਰਸ਼ੀ ਅਤੇ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ। 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ (ਇਨੂਮੀਰੇਸ਼ਨ) ਫਾਰਮ ਭਰਵਾਏ ਜਾਣਗੇ। ਬੀਐੱਲਓਜ਼ ਵੱਲੋਂ ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਫਾਰਮ ’ਚ ਸਾਰੀ ਜਾਣਕਾਰੀ ਭਰਨ ਉਪਰੰਤ ਇੱਕ ਕਾਪੀ ਵੋਟਰ ਵੱਲੋਂ ਦਸਤਖ਼ਤ ਕਰ ਕੇ ਬੀਐੱਲਓ ਕੋਲ ਜਮ੍ਹਾਂ ਕਰਵਾਈ ਜਾਵੇਗੀ ਅਤੇ ਇੱਕ ਕਾਪੀ ਬੀਐੱਲਓ ਵੱਲੋਂ ਦਸਤਖ਼ਤ ਕਰ ਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਇਸ ਮੌਕੇ ਗੁਰਵਿੰਦਰ ਸਿੰਘ ਵਿਰਕ ਏਐੱਸਡੀ ਨੇ ਦੱਸਿਆ ਕਿ ਸਾਰੇ ਮੌਜੂਦਾ ਵੋਟਰ ਆਪਣੀਆਂ ਫੋਟੋ ਵੀ ਨਵੀਆਂ ਲਗਵਾਉਣ ਅਤੇ ਨਾਮ ਅਤੇ ਐਡਰੈਸ ਵੀ ਚੰਗੀ ਤਰ੍ਹਾਂ ਪੜ੍ਹ ਕੇ ਸਹੀ ਲਿਖੇ ਜਾਣ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ ਅਤੇ ਮ੍ਰਿਤਕ ਵੋਟਰਾਂ ਦੀਆਂ ਸੂਚੀਆਂ ਵੀ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਐੱਸਆਈਆਰ ਤਹਿਤ ਜ਼ਿਲ੍ਹੇ ਦੇ ਹਰ ਵੋਟਰ ਨੂੰ ਬੀਐੱਲਓ ਵੱਲੋਂ ਦਿੱਤਾ ਜਾਣ ਵਾਲਾ ਇਨੂਮੀਰੇਸ਼ਨ ਫਾਰਮ ਭਰਨਾ ਜ਼ਰੂਰੀ ਹੈ। ਜੇਕਰ ਕੋਈ ਵੋਟਰ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਇਸ ਪ੍ਰਕਿਰਿਆ ਸਬੰਧੀ ਵੱਖ-ਵੱਖ ਪੜਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਕੀਤੀ ਜਾਵੇਗੀ। 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਹੋਵੇਗੀ, 3 ਅਗਸਤ 2026 ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ ਕੀਤਾ ਜਾਵੇਗਾ। ਉਹਨਾਂ ਰਾਜਨੀਤਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਬੂਥ ਲੈਵਲ ਏਜੰਟ (ਬੀਐੱਲਏ-2) ਨਿਯੁਕਤ ਕੀਤੇ ਅਤੇ ਬੀਐੱਲਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਪ੍ਰਕਿਰਿਆ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਇਸ ਦੀ ਸਫ਼ਲਤਾ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ।