ਕਪੂਰਥਲਾ 'ਚ ਰਿਸ਼ਵਤਖੋਰ ਅਫ਼ਸਰ ਗ੍ਰਿਫ਼ਤਾਰ; ਇਸ ਕੰਮ ਲਈ ਮਜ਼ਦੂਰ ਤੋਂ ਲਏ ਸਨ 8000 ਰੁਪਏ, ਵਿਜੀਲੈਂਸ ਨੇ ਇਸ ਤਰ੍ਹਾਂ ਕੀਤਾ ਕਾਬੂ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸ ਨੂੰ ਵਾਰ-ਵਾਰ ਪਰੇਸ਼ਾਨ ਕਰਦਾ ਸੀ ਅਤੇ ਉਸ ਨੇ ਕੇਸ ਖਾਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਦੀ ਬੇਨਤੀ ਅਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ਵਿਚ ਅਸਮਰੱਥਾ ਜ਼ਾਹਰ ਕਰਨ 'ਤੇ, ਨਾਇਬ ਕੋਰਟ 8,000 ਰੁਪਏ ਰਿਸ਼ਵਤ ਲੈਣਾ ਮੰਨ ਗਿਆ।
Publish Date: Wed, 18 Feb 2026 09:19 PM (IST)
Updated Date: Wed, 18 Feb 2026 09:22 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ, ਕਪੂਰਥਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸ ਦੇ ਦੋਸਤ ਜੋਬਨ ਨੂੰ ਪੁਲਿਸ ਨੇ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਤੈਅ ਕੀਤੀ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸ ਨੂੰ ਵਾਰ-ਵਾਰ ਪਰੇਸ਼ਾਨ ਕਰਦਾ ਸੀ ਅਤੇ ਉਸ ਨੇ ਕੇਸ ਖਾਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਦੀ ਬੇਨਤੀ ਅਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ਵਿਚ ਅਸਮਰੱਥਾ ਜ਼ਾਹਰ ਕਰਨ 'ਤੇ, ਨਾਇਬ ਕੋਰਟ 8,000 ਰੁਪਏ ਰਿਸ਼ਵਤ ਲੈਣਾ ਮੰਨ ਗਿਆ।
ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਮਜ਼ਦਰ ਨੇ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਇਕਾਈ ਜਲੰਧਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨਾਇਬ ਕੋਰਟ ਰਾਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਰਜਿੰਦਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।