ਬਸਪਾ ਕੌਂਸਲਰ ਅਮਨਦੀਪ ਕੌਰ ਨੇ ਝਾੜੂ ਫੜਿਆ ਵਾਰਡ ਨੰਬਰ 25 ਦੀ ਬਸਪਾ ਕੌਂਸਲਰ ਅਮਨਦੀਪ ਕੌਰ ਨੇ ਹਾਥੀ ਛੱਡ ਝਾੜੂ ਫੜਿਆ
Publish Date: Thu, 29 Oct 2026 08:21 PM (IST)
Updated Date: Thu, 29 Oct 2026 08:22 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨਾਲ ਜੁੜਨ ਵਾਲੇ ਆਗੂਆਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਵਾਰਡ ਨੰਬਰ 25 ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਂਸਲਰ ਅਮਨਦੀਪ ਕੌਰ ਨੇ ਬਸਪਾ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਤੇ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਅਮਨਦੀਪ ਕੌਰ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਫਗਵਾੜਾ ਦੀ ਸਥਾਨਕ ਸਿਆਸਤ ਦੇ ਸੰਦਰਭ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਵਾਰਡ ਨੰਬਰ 25 ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਯਤਨਾਂ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਇਸ ਮੌਕੇ ਪਾਰਟੀ ਵਰਕਰਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਤਰਜੀਹ ਸਿਆਸਤ ਤੋਂ ਉੱਪਰ ਉੱਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਤੇ ਆਮ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੋਕ ਹਿੱਤ ਦੇ ਮੁੱਦਿਆਂ ਨੂੰ ਪਹਿਲ ਦਿੰਦੀ ਹੈ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜਨ ਸੇਵਾ ਤੇ ਵਿਕਾਸ ਕਾਰਜਾਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਿਛੋਕੜ ਵਾਲੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਅਨੁਸਾਰ, ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਲੋਕ ਹਿੱਤ ਨਾਲ ਜੁੜੇ ਕੰਮਾਂ ਨੂੰ ਤਰਜੀਹ ਦੇਣ ਦੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਅਮਨਦੀਪ ਕੌਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਸਾਰਿਆਂ ਨੂੰ ਨਾਲ ਲੈ ਕੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਕੰਮ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਅਮਨਦੀਪ ਕੌਰ ਆਪਣੇ ਵਾਰਡ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਤੇ ਉਨ੍ਹਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਫਗਵਾੜਾ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵੱਖ-ਵੱਖ ਸਿਆਸੀ ਪਿਛੋਕੜ ਨਾਲ ਸਬੰਧਤ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਸਥਾਨਕ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਪਾਰਟੀ ਨੂੰ ਉਮੀਦ ਹੈ ਕਿ ਅਮਨਦੀਪ ਕੌਰ ਦੇ ਤਜਰਬੇ ਤੇ ਵਾਰਡ ਪੱਧਰ ’ਤੇ ਲੋਕਾਂ ਨਾਲ ਉਨ੍ਹਾਂ ਦੇ ਸੰਪਰਕ ਰਾਹੀਂ ਜਨ ਸੰਪਰਕ ਤੇ ਸਥਾਨਕ ਮੁੱਦਿਆਂ ਦੇ ਹੱਲ ਲਈ ਕੀਤੇ ਜਾਣ ਵਾਲੇ ਯਤਨਾਂ ਨੂੰ ਹੋਰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।