ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ: ਖੋਜੇਵਾਲ ਭਗਵਾਨ ਵਾਲਮੀਕਿ ਜੀ ਨੇ ਪਵਿੱਤਰ ਰਾਮਾਇਣ ਦੀ ਰਚਨਾ ਕਰਕੇ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ : ਖੋਜੇਵਾਲ
Publish Date: Fri, 23 Oct 2026 07:11 PM (IST)
Updated Date: Fri, 23 Oct 2026 07:12 PM (IST)
ਭਾਜਪਾ ਆਗੂ ਖੋਜੇਵਾਲ ਭਗਵਾਨ ਵਾਲਮੀਕਿ ਜੀ ਦੇ ਮੰਦਿਰ ਵਿਖੇ ਹੋਏ ਨਤਮਸਤਕ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਅੱਜ ਮੁਹੱਲਾ ਸ਼ਹਿਰੀਆਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਮੰਦਿਰ ਵਿਖੇ ਸਿਟੀ ਵਾਲਮੀਕਿ ਸਭਾ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਵਿਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਆਪਣੇ ਅਨੇਕਾਂ ਸਾਥੀਆਂ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਿਟੀ ਵਾਲਮੀਕਿ ਸਭਾ ਦੇ ਪ੍ਰਧਾਨ ਪ੍ਰਵੀਨ ਨਾਹਰ (ਸਰਪਰਸਤ) ਮਨੋਜ ਕੁਮਾਰ ਨਾਹਰ, ਰੌਸ਼ਨ ਲਾਲ ਸੱਭਰਵਾਲ ਵੱਲੋਂ ਭਾਜਪਾ ਆਗੂਆਂ ਦਾ ਸਿਰਪਾਓ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਖੋਜੇਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ, ਜੋ ਸੱਚ, ਨੇਕੀ, ਮਨੁੱਖਤਾ ਦੇ ਨਾਲ-ਨਾਲ ਨੈਤਿਕਤਾ ’ਤੇ ਜ਼ੋਰ ਦਿੰਦੀਆਂ ਹਨ ਤੇ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਨੇ ਪਵਿੱਤਰ ਰਾਮਾਇਣ ਦੀ ਰਚਨਾ ਕਰਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਜੀਵਨ ਨੂੰ ਸਫ਼ਲ ਤੇ ਖੁਸ਼ਹਾਲ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂਆਂ, ਸੰਤਾਂ, ਮਹਾਂਪੁਰਖਾਂ ਨੇ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ ਹੈ, ਜਿਸ ਤੇ ਸਾਨੂੰ ਚੱਲਦੇ ਹੋਏ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰੀ, ਭਾਈਚਾਰੇ ਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੀ ਬਿਹਤਰੀ ਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿੱਤੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਆਪਸੀ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਖੋਜੇਵਾਲ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਸਾਡੀ ਅਮੀਰ ਵਿਰਾਸਤ ਤੇ ਸੱਭਿਆਚਾਰ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਖਾਸ ਕਰ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਤੇ ਧਾਰਮਿਕ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਾਬਕਾ ਕੌਂਸਲਰ ਪਵਨ ਧੀਰ, ਦਵਿੰਦਰ ਧੀਰ, ਵਿੱਕੀ ਗੁਜਰਾਲ, ਕਮਲ ਪ੍ਰਭਾਕਰ, ਲੱਕੀ ਸਰਪੰਚ, ਰੌਸ਼ਨ ਲਾਲ ਸੱਭਰਵਾਲ, ਕਰਨ ਰਾਜਪੂਤ, ਸੁਨੀਲ ਅਰੋੜਾ, ਕਪਿਲ ਧੀਰ, ਜਸਪਾਲ ਬਾਬਾ, ਡਾ. ਅਮਰਨਾਥ, ਲਾਲ ਚੰਦ, ਰਾਜਨ ਠਿੱਗੀ, ਸੁਨੀਲ ਸ਼ਰਮਾ ਆਦਿ ਹਾਜ਼ਰ ਸਨ।