- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮੁੱਚੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਵਿਰੁੱਧ ਮੁਹਿੰਮ ਤੇਜ਼, ਅਧਿਕਾਰੀਆਂ ਵੱਲੋਂ ਪਿੰਡਾਂ ਦਾ ਦੌਰਾ

-ਪਰਾਲੀ ਸਾੜਨ ਦੀ ਇੱਕ ਵੀ ਘਟਨਾ ਨਹੀਂ ਹੋਈ ਦਰਜ
-ਸਮੁੱਚੇ ਜ਼ਿਲ੍ਹੇ ’ਚ ਪਰਾਲੀ ਸਾੜਨ ਵਿਰੁੱਧ ਮੁਹਿੰਮ ਤੇਜ਼
ਲਖਵੀਰ ਸਿੰਘ ਲੱਖੀ\ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਅੱਜ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਜ਼ਿਲ੍ਹਾ ਪੱਧਰੀ ਮੁਹਿੰਮ ਨੂੰ ਹੋਰ ਤੇਜ਼ ਕੀਤਾ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰਤਾ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਡਡਵਿੰਡੀ ਤੇ ਜੈਨਪੁਰ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਸਾਲ 2026 ਦੌਰਾਨ ਹੁਣ ਤੱਕ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਸਾਹਮਣੇ ਨਹੀਂ ਆਈ। ਇਨ੍ਹਾਂ ਘਟਨਾਵਾਂ ਵਿੱਚ ਆਈ ਕਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਲ 2024 ਦੌਰਾਨ ਪਰਾਲੀ ਸਾੜਨ ਦੀਆਂ 360 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ, ਜਦਕਿ ਸਾਲ 2025 ਵਿੱਚ ਇਹ ਗਿਣਤੀ ਘਟ ਕੇ 170 ਰਹਿ ਗਈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਜ਼ੀਰੋ ਘਟਨਾਵਾਂ ਦਾ ਰਿਕਾਰਡ ਬਰਕਰਾਰ ਰੱਖਣ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਤੇ ਸਖ਼ਤ ਨਿਗਰਾਨੀ ਜਾਰੀ ਹੈ।
ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਵਧਦਾ ਹੈ, ਸਗੋਂ ਮਿੱਟੀ ਦੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਲੰਬੇ ਸਮੇਂ ਦੀ ਉਤਪਾਦਕਤਾ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਤੇ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਲਈ ਕਿਸਾਨਾਂ, ਸਰਕਾਰੀ ਵਿਭਾਗਾਂ ਤੇ ਹੋਰ ਸਬੰਧਤ ਧਿਰਾਂ ਦੇ ਸਾਂਝੇ ਯਤਨ ਜ਼ਰੂਰੀ ਹਨ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਪਰਾਲੀ ਸਾੜਨ ਵਿਰੁੱਧ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਾਤਾਵਰਨ ਪੱਖੀ ਬਦਲ ਅਪਣਾਉਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਰਾਹੀਂ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਲਈ 5,500 ਖੇਤੀਬਾੜੀ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਇਨ੍ਹਾਂ ਮਸ਼ੀਨਾਂ ਵਿੱਚ ਬੇਲਰ, ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ-ਟਿੱਲ ਡਰਿੱਲ, ਰਿਵਰਸੀਬਲ ਮੋਲਡ ਬੋਰਡ (ਆਰਐੱਮਬੀ) ਹਲ, ਮਲਚਰ, ਸਟਰਾਅ ਚੌਪਰ, ਸੁਪਰ ਐੱਸਐੱਮਐੱਸ ਮਸ਼ੀਨਾਂ, ਫ਼ਸਲ ਕੱਟਣ ਵਾਲੀਆਂ ਮਸ਼ੀਨਾਂ, ਰੋਟਰੀ ਸਲੈਸ਼ਰ ਤੇ ਟਰੈਕਟਰ ਸ਼ਾਮਲ ਹਨ। ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਕਿਸਾਨ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੀ ਇਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਤੇ ਉਪਲਬਧ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਤਾਂ ਜੋ ਹਵਾ ਨੂੰ ਸਾਫ਼ ਰੱਖਣ, ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਸਵਾਲ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਸੁਲਤਾਨਪੁਰ ਲੋਧੀ ਇਲਾਕੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਤੇ ਰੋਕਥਾਮ ਲਈ ਤਾਇਨਾਤ ਡਰੋਨਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ। ਇਸ ਮੌਕੇ ਏਐੱਸਪੀ ਧੀਰੇਂਦਰ ਵਰਮਾ, ਐੱਸਡੀਐੱਮ ਜਸਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਈਡੀਓ ਡਾ. ਜਸਪਾਲ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਪਰਮਿੰਦਰ ਕੁਮਾਰ, ਡੀਆਰ ਕੋਆਪਰੇਟਿਵ ਜਗਜੀਤ ਸਿੰਘ, ਏਆਰ ਮਨਮੀਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।