ਫਗਵਾੜਾ ’ਚ ਅਵਾਰਾ ਕੁੱਤਿਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ
ਫਗਵਾੜਾ ਦੇ ਵੱਖ-ਵੱਖ ਮੁਹੱਲਿਆਂ ਵਿੱਚ ਅਵਾਰਾ ਕੁੱਤਿਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ
Publish Date: Thu, 04 Jun 2026 07:51 PM (IST)
Updated Date: Fri, 05 Jun 2026 03:38 PM (IST)
ਫਗਵਾੜਾ : ਸ਼ਹਿਰ ਫਗਵਾੜਾ ਦੇ ਵੱਖ-ਵੱਖ ਮੁਹੱਲਿਆਂ ਵਿਚ ਵਧ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਵੱਲੋਂ ਅਵਾਰਾ ਕੁੱਤਿਆਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਸਾਰੇ ਇਲਾਕਿਆਂ ਵਿਚ ਜਾ ਕੇ ਅਵਾਰਾ ਕੁੱਤਿਆਂ ਨੂੰ ਸੁਰੱਖਿਅਤ ਢੰਗ ਨਾਲ ਫੜਿਆ ਜਾ ਰਿਹਾ ਹੈ। ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਅਵਾਰਾ ਕੁੱਤਿਆਂ ਦੇ ਹਮਲਿਆਂ ਤੇ ਲੋਕਾਂ ਦੀਆਂ ਸ਼ਿਕਾਇਤਾਂ ਵਿਚ ਵਾਧਾ ਹੋਇਆ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਜਾ ਰਹੀ ਹੈ। ਟੀਮਾਂ ਵੱਲੋਂ ਫੜੇ ਗਏ ਕੁੱਤਿਆਂ ਨੂੰ ਨਿਯਮਾਂ ਅਨੁਸਾਰ ਮੈਡੀਕਲ ਜਾਂਚ ਤੇ ਲੋੜੀਂਦੇ ਟੀਕਾਕਰਨ ਲਈ ਭੇਜਿਆ ਜਾਵੇਗਾ।
ਸ਼ਹਿਰ ਵਾਸੀਆਂ ਨੇ ਨਗਰ ਨਿਗਮ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ, ਖ਼ਾਸ ਕਰਕੇ ਬੱਚਿਆਂ ਤੇ ਬਜ਼ੁਰਗਾਂ ਨੂੰ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇ ਤਾਂ ਜੋ ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਪੱਕਾ ਹੱਲ ਹੋ ਸਕੇ। ਨਗਰ ਨਿਗਮ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਇਲਾਕੇ ਵਿਚ ਅਵਾਰਾ ਕੁੱਤਿਆਂ ਦੀ ਵਧ ਗਿਣਤੀ ਹੋਵੇ ਤਾਂ ਉਹ ਨਿਗਮ ਦਫ਼ਤਰ ਨੂੰ ਜਾਣਕਾਰੀ ਦੇਣ, ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਸ਼ਹਿਰ ਵਾਸੀ ਨਿਗਮ ਦਾ ਸਹਿਯੋਗ ਕਰਨ : ਮੇਅਰ
ਮੇਅਰ ਰਾਮਪਾਲ ਉਪਲ ਨੇ ਕਿਹਾ ਕਿ ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਕੰਟਰੋਲ ਕਰਨ ਲਈ ਨਸਬੰਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਕੁੱਤਿਆਂ ਦੀ ਸਿਹਤ ਜਾਂਚ, ਨਸਬੰਦੀ ਤੇ ਲੋੜੀਂਦਾ ਟੀਕਾਕਰਨ ਕਰਨ ਉਪਰੰਤ ਉਨ੍ਹਾਂ ਨੂੰ ਮੁੜ ਉਨ੍ਹਾਂ ਦੇ ਮੂਲ ਇਲਾਕਿਆਂ ਵਿਚ ਛੱਡਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਪਸ਼ੂ ਕਲਿਆਣ ਨਿਯਮਾਂ ਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ, ਜਿਸ ਨਾਲ ਇਕ ਪਾਸੇ ਅਵਾਰਾ ਕੁੱਤਿਆਂ ਦੀ ਗਿਣਤੀ 'ਤੇ ਕਾਬੂ ਪਾਇਆ ਜਾ ਸਕੇਗਾ ਤੇ ਦੂਜੇ ਪਾਸੇ ਜਾਨਵਰਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ। ਮੇਅਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਨਗਰ ਨਿਗਮ ਦਾ ਸਹਿਯੋਗ ਕਰਨ ਤੇ ਕਿਸੇ ਵੀ ਸਮੱਸਿਆ ਸਬੰਧੀ ਨਿਗਮ ਅਧਿਕਾਰੀਆਂ ਨੂੰ ਜਾਣਕਾਰੀ ਦੇਣ।