ਸਿਹਤ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ : ਚੀਮਾ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਸਬੰਧੀ ਲਗਾਏ ਕੈਂਪ
Publish Date: Sat, 14 Feb 2026 09:31 PM (IST)
Updated Date: Sat, 14 Feb 2026 09:33 PM (IST)

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਸਬੰਧੀ ਲਗਾਏ ਕੈਂਪ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਵਾਰਡ ਨੰਬਰ 11 ਤੇ 13 ਵਿਚ ਚੱਲ ਰਹੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕੈਂਪਾਂ ਦਾ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕੈਂਪਾਂ ਵਿਚ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਕੈਂਪਾਂ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕਾਂ ਦੇ ਹੈਲਥ ਕਾਰਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰੀ ਹਸਪਤਾਲਾਂ ਤੇ ਮਨਜ਼ੂਰਸ਼ੁਦਾ ਨਿੱਜੀ ਹਸਪਤਾਲਾਂ ਵਿਚ ਇਲਾਜ ਦੀ ਸੁਵਿਧਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਤੇ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਹ ਮਹੱਤਵਪੂਰਨ ਕਦਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਕੈਂਪਾਂ ਵਿਚ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲਓ ਤੇ ਆਪਣੇ ਹੈਲਥ ਕਾਰਡ ਜ਼ਰੂਰ ਬਣਵਾਓ। ਕੈਂਪਾਂ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਹਾਜ਼ਰੀ ਭਰੀ ਤੇ ਸਰਕਾਰੀ ਯੋਜਨਾ ਪ੍ਰਤੀ ਸੰਤੁਸ਼ਟੀ ਜਤਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਤੇ ਸਾਬਕਾ ਕੌਂਸਲਰ ਵਿੱਕੀ ਚੌਹਾਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਕੈਂਪ ਜਾਰੀ ਰਹਿਣਗੇ ਤਾਂ ਜੋ ਕੋਈ ਵੀ ਵਿਅਕਤੀ ਯੋਜਨਾ ਦੇ ਲਾਭ ਤੋਂ ਵਾਝਾਂ ਨਾ ਰਹੇ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਹੈਲਥ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੀਏ ਲਵਪ੍ਰੀਤ ਸਿੰਘ, ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਸਾਬਕਾ ਕੌਂਸਲਰ ਪ੍ਰਵੀਨ ਚੌਹਾਨ, ਜਤਿੰਦਰ ਸੇਠੀ, ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਲਾਲੀ ਗਿੱਲਾਂ, ਕੌਂਸਲਰ ਰਜਿੰਦਰ ਸਿੰਘ, ਰਿਟਾ. ਸਬ ਪੋਸਟ ਮਾਸਟਰ ਮੁਲਖ ਰਾਜ, ਭਾਈ ਗੁਰਮੀਤ ਸਿੰਘ ਕਬੀਰਪੁਰ, ਮਾਸਟਰ ਮੋਹਨ ਲਾਲ, ਜੱਗੀ ਜੈਨਪੁਰ, ਦੀਪਕ ਕੁਮਾਰ, ਸ਼ਿੰਦਰਪਾਲ ਤੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।