ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ : ਜਸਵਿੰਦਰ ਘੁੰਮਣ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ : ਜਸਵਿੰਦਰ ਘੁੰਮਣ
Publish Date: Wed, 30 Sep 2026 07:05 PM (IST)
Updated Date: Wed, 30 Sep 2026 07:06 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਕੇਂਦਰ ਸਰਕਾਰ ਵੱਲੋਂ ਸੀਜ਼ਨ 2027-28 ਲਈ ਕਣਕ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਸਿਰਫ਼ 25 ਰੁਪਏ ਦਾ ਵਾਧਾ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਦਿਹਾਤੀ ਪ੍ਰਧਾਨ ਜਸਵਿੰਦਰ ਸਿੰਘ ਘੁੰਮਣ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਲਾਡੀ ਸ਼ੇਰਿਗਲ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਐੱਮਐੱਸਪੀ ਵਿੱਚ ਸਿਰਫ਼ 25 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਹੋਰ ਖੇਤੀਬਾੜੀ ਸਮੱਗਰੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਦਕਿ ਦੂਜੇ ਪਾਸੇ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਵਧਾਉਣ ਸਮੇਂ ਸਰਕਾਰ ਵੱਲੋਂ ਮਾਮੂਲੀ ਵਾਧਾ ਕੀਤਾ ਜਾਂਦਾ ਹੈ। ਜਸਵਿੰਦਰ ਸਿੰਘ ਘੁੰਮਣ ਅਤੇ ਪਰਮਿੰਦਰ ਸਿੰਘ ਲਾਡੀ ਸ਼ੇਰਗਿਲ ਨੇ ਕਿਹਾ ਕਿ ਜਦੋਂ ਖਾਦਾਂ ਦੇ ਭਾਅ ਵਧਾਉਣ ਦੀ ਗੱਲ ਆਉਂਦੀ ਹੈ ਤਾਂ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਾ ਦਿੱਤਾ ਜਾਂਦਾ ਹੈ, ਪਰ ਜਦੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਉਚਿਤ ਮੁੱਲ ਦੇਣ ਦੀ ਗੱਲ ਆਉਂਦੀ ਹੈ ਤਾਂ ਕੇਂਦਰ ਸਰਕਾਰ ਵੱਲੋਂ ਹੱਥ ਪਿੱਛੇ ਖਿੱਚ ਲਏ ਜਾਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਖਾਦ ਦੀ ਬੋਰੀ ਪਹਿਲਾਂ ਕਰੀਬ 1450 ਰੁਪਏ ਵਿੱਚ ਮਿਲਦੀ ਸੀ, ਉਸ ਦੀ ਕੀਮਤ ਹੁਣ ਕਰੀਬ 2250 ਰੁਪਏ ਤੱਕ ਪਹੁੰਚ ਗਈ ਹੈ। ਇਸ ਤਰ੍ਹਾਂ ਖੇਤੀ ਦੀ ਲਾਗਤ ਵਿੱਚ ਵਾਧਾ ਹੋਣ ਦੇ ਬਾਵਜੂਦ ਕਣਕ ਦੀ ਐੱਮਐੱਸਪੀ ਵਿੱਚ ਸਿਰਫ਼ 25 ਰੁਪਏ ਦਾ ਵਾਧਾ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਵਧ ਰਹੀ ਖੇਤੀ ਲਾਗਤ ਕਾਰਨ ਆਰਥਿਕ ਦਬਾਅ ਦਾ ਸਾਹਮਣਾ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਦੀ ਵਧ ਰਹੀ ਲਾਗਤ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲਾਂ ਦੀ ਐੱਮਐੱਸਪੀ ਵਿੱਚ ਢੁੱਕਵਾਂ ਵਾਧਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਵਾਜਬ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਸਰਕਾਰ ਨੂੰ ਸਿਰਫ਼ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ।