ਕੇਂਦਰ ਸਰਕਾਰ ਦੇ ਫੈਸਲੇ ਪੇਂਡੂ ਵਿਕਾਸ ਤੇ ਮੁਲਾਜ਼ਮਾਂ ਲਈ ਵਰਦਾਨ : ਸੰਜੀਵ ਖੰਨਾ ਕੇਂਦਰ ਸਰਕਾਰ ਦੇ ਫੈਸਲੇ ਪੇਂਡੂ ਵਿਕਾਸ ਤੇ ਮੁਲਾਜ਼ਮਾਂ ਲਈ ਵਰਦਾਨ : ਸੰਜੀਵ ਖੰਨਾ
Publish Date: Sun, 01 Nov 2026 09:40 PM (IST)
Updated Date: Sun, 01 Nov 2026 09:41 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ ਮੰਡਲ-2 ਦੇ ਜਨਰਲ ਸਕੱਤਰ ਸੰਜੀਵ ਖੰਨਾ ਨੇ ਕੇਂਦਰੀ ਕੈਬਨਿਟ ਵੱਲੋਂ ਪ੍ਰਧਾਨ ਮੰਤਰੀ ਵਿਕਾਸ ਗ੍ਰਾਮ ਸਵਰਾਜ ਯੋਜਨਾ ਲਈ 7,395 ਕਰੋੜ ਰੁਪਏ ਦੀ ਪ੍ਰਵਾਨਗੀ ਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ’ਚ ਵਾਧੇ ਦੇ ਫੈਸਲਿਆਂ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇਸ਼ ਦੇ ਪੇਂਡੂ ਵਿਕਾਸ ਤੇ ਮੁਲਾਜ਼ਮ ਵਰਗ ਦੀ ਭਲਾਈ ਲਈ ਲਗਾਤਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸੰਜੀਵ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਿਕਾਸ ਗ੍ਰਾਮ ਸਵਰਾਜ ਯੋਜਨਾ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ’ਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਦੀਆਂ ਸਥਾਨਕ ਸੰਸਥਾਵਾਂ ਨੂੰ ਆਪਣੇ ਵਿਕਾਸ ਦੀ ਯੋਜਨਾਬੰਦੀ ਕਰਨ ਲਈ ਮਜ਼ਬੂਤ ਕੀਤਾ ਜਾਂਦਾ ਹੈ ਤਾਂ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਢੰਗ ਨਾਲ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਜਿਵੇਂ ਸੜਕਾਂ, ਪਾਣੀ, ਸਿਹਤ, ਸਿੱਖਿਆ ਤੇ ਸਫ਼ਾਈ ਆਦਿ ਦੇ ਵਿਕਾਸ ਲਈ ਸਥਾਨਕ ਪੱਧਰ ’ਤੇ ਯੋਜਨਾਬੰਦੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਯੋਜਨਾ ਨਾਲ ਪੰਚਾਇਤਾਂ ਦੀ ਕਾਰਗੁਜ਼ਾਰੀ ’ਚ ਸੁਧਾਰ ਹੋਵੇਗਾ, ਪਿੰਡਾਂ ਦੀਆਂ ਅਸਲ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਸਕੇਗੀ ਤੇ ਪੇਂਡੂ ਖੇਤਰਾਂ ’ਚ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਮਜ਼ਬੂਤ ਪੰਚਾਇਤੀ ਰਾਜ ਹੀ ਮਜ਼ਬੂਤ ਭਾਰਤ ਦੀ ਨੀਂਹ ਹੈ। ਭਾਜਪਾ ਆਗੂ ਨੇ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ’ਚ ਤਿੰਨ ਫੀਸਦੀ ਵਾਧੇ ਦੇ ਫੈਸਲੇ ਨੂੰ ਵੀ ਸਵਾਗਤਯੋਗ ਦੱਸਿਆ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦੇ ਇਸ ਦੌਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਦੇਣਾ ਕੇਂਦਰ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਸੰਵੇਦਨਸ਼ੀਲਤਾ ਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੇਂਡੂ ਖੇਤਰਾਂ ਦੇ ਵਿਕਾਸ ਲਈ ਵੱਡਾ ਵਿੱਤੀ ਪ੍ਰਬੰਧ ਕਰਨਾ ਤੇ ਨਾਲ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਰਾਹਤ ਦੇਣਾ ਸਰਕਾਰ ਦੀਆਂ ਸਪੱਸ਼ਟ ਤਰਜੀਹਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਇਤਿਹਾਸਕ ਫੈਸਲਿਆਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲੇਗਾ ਤੇ ਮੁਲਾਜ਼ਮ ਵਰਗ ਦਾ ਮਨੋਬਲ ਵੀ ਹੋਰ ਉੱਚਾ ਹੋਵੇਗਾ।