- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਦਾ ਅਮਰੀਕਾ ਨਾਲ ਵਪਾਰ ਸਮਝੌਤਾ ਘਾਤਕ ਸਾਬਤ ਹੋਵੇਗਾ-ਪੱਡਾ

-ਆਪ ਨੇ ਸਮਝੌਤੇ ਵਿਰੁੱਧ ਕੀਤਾ ਜ਼ੋਰਦਾਰ ਵਿਰੋਧ ਪ੍ਰਦਰਸ਼ਨ
ਕੇਂਦਰ ਤੇ ਦੇਸ਼ ਦੇ ਹਿੱਤਾਂ ਨੂੰ ਵੇਚਣ ਦਾ ਲਗਾਇਆ ਦੋਸ਼
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਪੂਰੇ ਪੰਜਾਬ ਸਮੇਤ ਵਿਰਾਸਤੀ ਸ਼ਹਿਰ ਵਿਚ ਵੀ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਭਾਰਤ ਅਤੇ ਅਮਰੀਕਾ ਵਿਚਕਾਰ ਹੋਏ ਮੁਕਤ ਵਪਾਰ ਸਮਝੌਤੇ (ਐੱਫਟੀਏ) ਨੂੰ ਭਾਰਤੀ ਕਿਸਾਨਾਂ ਤੇ ਵਪਾਰੀਆਂ ਲਈ ਵਿਨਾਸ਼ਕਾਰੀ ਕਰਾਰ ਦਿੱਤਾ। ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਵਿਰੁੱਧ ਭਾਰਤ ਬੰਦ ਦੇ ਸੱਦੇ ਦਾ ਪੂਰਾ ਸਮਰਥਨ ਕੀਤਾ ਤੇ ਆਪਣਾ ਗੁੱਸਾ ਜ਼ਾਹਿਰ ਕਰਨ ਲਈ ਸੜਕਾਂ ’ਤੇ ਉਤਰੇ। ਵਿਰੋਧ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਸਮਝੌਤੇ ਵਿਰੁੱਧ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੱਡਾ ਨੇ ਕੇਂਦਰ ਸਰਕਾਰ ਤੇ ਅਮਰੀਕਾ ਦੇ ਦਬਾਅ ਹੇਠ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਗਾਇਆ ਤੇ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਪ੍ਰਣਾਲੀ ਨੂੰ ਵਿਗਾੜ ਦੇਵੇਗਾ। ਇਸ ਸਮਝੌਤੇ ਤਹਿਤ, ਅਮਰੀਕਾ ਨੂੰ ਬਿਨਾਂ ਕਿਸੇ ਟੈਕਸ ਦੇ ਭਾਰਤੀ ਬਾਜ਼ਾਰਾਂ ਵਿਚ ਡੇਅਰੀ ਤੇ ਹੋਰ ਖੇਤੀਬਾੜੀ ਉਤਪਾਦ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਨਾਲ ਅਮਰੀਕੀ ਉਤਪਾਦ ਭਾਰਤੀ ਬਾਜ਼ਾਰ ਵਿਚ ਬਹੁਤ ਘੱਟ ਕੀਮਤਾਂ ’ਤੇ ਉਪਲਬਧ ਹੋਣਗੇ, ਜਿਸ ਨਾਲ ਸਾਡੇ ਸਥਾਨਕ ਕਿਸਾਨਾਂ ਤੇ ਡੇਅਰੀ ਸੰਚਾਲਕਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਖਰਾਬ ਹੋ ਜਾਵੇਗਾ। ਪੱਡਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਵਿਰੁੱਧ ਹੈ। ਇਹ ਅੰਨਦਾਤਾ ਦੇ ਢਿੱਡ ’ਤੇ ਲੱਤ ਮਾਰਨ ਵਾਂਗ ਹੈ। ਉਨ੍ਹਾਂ ਕਿਹਾ ਕਿ ਜਦਕਿ ਅਮਰੀਕੀ ਉਤਪਾਦ ਟੈਕਸ-ਮੁਕਤ ਹੋਣਗੇ, ਪਰ ਭਾਰਤੀ ਵਪਾਰੀਆਂ ਨੂੰ ਅਮਰੀਕਾ ਵਿਚ 18% ਤੱਕ ਟੈਕਸ ਦੇਣਾ ਪਵੇਗਾ। ਇਹ ਬਰਾਬਰ ਮੁਕਾਬਲਾ ਨਹੀਂ ਹੈ। ਅਸੀਂ ਇਸ ਸਮਝੌਤੇ ਨੂੰ ਉਦੋਂ ਤੱਕ ਸਵੀਕਾਰ ਨਹੀਂ ਕਰਾਂਗੇ ਜਦੋਂ ਤੱਕ ਇਸਨੂੰ ਵਾਪਸ ਨਹੀਂ ਲਿਆ ਜਾਂਦਾ। ਪੱਡਾ ਨੇ ਕਿਹਾ ਕਿ ਇਹ ਸਮਝੌਤਾ ਆਰਥਿਕ ਗੁਲਾਮੀ ਵੱਲ ਇਕ ਕਦਮ ਹੈ। ਕੇਂਦਰ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕਰ ਦਿੱਤਾ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਸਗੋਂ ਦੇਸ਼ ਦੇ ਹਰ ਨਾਗਰਿਕ ਨੂੰ ਆਰਥਿਕ ਨੁਕਸਾਨ ਹੋਵੇਗਾ। ਅਸੀਂ ਜਨਤਾ ਵਿਚ ਜਾਵਾਂਗੇ ਤੇ ਕੇਂਦਰ ਸਰਕਾਰ ਦੀ ਇਸ ਲੋਕ ਵਿਰੋਧੀ ਨੀਤੀ ਦਾ ਪਰਦਾਫਾਸ਼ ਕਰਾਂਗੇ। ਇਸ ਮੌਕੇ ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ, ਕਪੂਰਥਲਾ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਰਾੜ, ਸਰਕਲ ਪ੍ਰਧਾਨ ਭੁਲੱਥ ਗੁਰਮੇਜਰ ਸਿੰਘ, ਫਗਵਾੜਾ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਚੱਠਾ, ਕਪੂਰਥਲਾ ਕਿਸਾਨ ਵਿੰਗ ਦੇ ਸਰਕਲ ਇੰਚਾਰਜ ਜਸਵੰਤ ਸਿੰਘ ਨੰਦਾ, ਕਪੂਰਥਲਾ ਬਲਾਕ ਪ੍ਰਧਾਨ ਗੁਰਚਰਨ ਸਿੰਘ, ਬਲਾਕ ਪ੍ਰਧਾਨ ਉਪਕਾਰ ਸਿੰਘ ਖਾਲਸਾ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਕਿੰਦਾ, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ, ਬਲਾਕ ਪ੍ਰਧਾਨ ਬਾਵਾ ਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।