ਕੁੰਦਨ ਸਿੰਘ, ਭੁਲੱਥ : ਕੇਂਦਰ ਦੀ ਮੋਦੀ ਸਰਕਾਰ ਨੇ ਉਹ ਕੰਮ ਕਰ ਦਿਖਾਇਆ ਹੈ ਜੋ ਦੂਸਰੀਆਂ ਸਰਕਾਰਾਂ ਆਪਣੇ ਲੰਬੇ ਸਮੇਂ ਦੌਰਾਨ ਵੀ ਨਹੀ ਕਰ ਸਕੀਆਂ। ਕੇਂਦਰ ਸਰਕਾਰ ਵਧਾਈ ਦੀ ਪਾਤਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 550 ਸਾਲਾਂ ਸਮਾਗਮਾਂ ਦੇ ਇੰਚਾਰਜ ਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਲੰਬੇ ਅਰਸੇ ਤੋਂ ਜੋ ਸਿੱਖ ਜੇਲ੍ਹਾਂ 'ਚ ਬੰਦ ਸਨ, ਉਨ੍ਹਾਂ ਦੇ ਪਰਿਵਾਰਾਂ ਦੀਆਂ ਆਪਣੇ ਬੱਚਿਆਂ ਨੂੰ ਮਿਲਣ ਲਈ ਅੱਖਾਂ ਤਰਸਦੀਆਂ ਸਨ। ਅੱਜ ਉਨ੍ਹਾਂ ਪਰਿਵਾਰਾਂ 'ਚ ਖੁਸ਼ੀ ਦੀ ਕੋਈ ਹੱਦ ਨਹੀ ਰਹੀ ਜਦੋਂ ਕੇਂਦਰ ਵਿਚਲੀ ਮੋਦੀ ਸਰਕਾਰ ਨੇ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ 8 ਸਿੱਖਾਂ ਦੀ ਰਿਹਾਈ ਤੇ ਸਿੱਖ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਲਿਆ ਹੈ। ਬੀਬੀ ਜਗੀਰ ਕੌਰ ਨੇ ਨਰਿੰਦਰ ਮੋਦੀ ਤੇ ਗ੍ਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਨ੍ਹਾਂ ਵੱਡਾ ਫੈਸਲਾ ਲਿਆ ਅਤੇ ਨਾਲ ਹੀ ਉਨ੍ਹਾਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੀ ਅਣਥਕ ਮਿਹਨਤ ਰੰਗ ਲਿਆਈ ਹੈ, ਜੋ ਕਿ ਕਾਫੀ ਲੰਬੇ ਸਮੇਂ ਤੋਂ ਸਿੱਖਾਂ ਨੂੰ ਰਿਹਾਅ ਕਰਨ ਲਈ ਯਤਨ ਕਰ ਰਹੇ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪਰਿਵਾਰ ਜਿਨ੍ਹਾਂ ਦੇ ਬੱਚੇ ਲੰਬੇ ਅਰਸੇ ਤੋਂ ਬਾਅਦ ਆਪਣੇ ਘਰਾਂ ਨੂੰ ਪਰਤਣਗੇ, ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਰਿਣੀ ਰਹਿਣਗੇ, ਜਿਨ੍ਹਾਂ ਦੇ ਯਤਨਾ ਸਦਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਹਿ ਮੰਤਰੀ ਅਮਿਤ ਸ਼ਾਹ ਦੀ ਪੂਰੀ ਟੀਮ ਨੇ ਇਨ੍ਹਾਂ ਪਰਿਵਾਰਾਂ ਦੀ ਬਾਂਹ ਫੜੀ। ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰਰੀਸ਼ਦ, ਰਜਨੀਤ ਕੌਰ, ਸਵਰਨ ਸਿੰਘ, ਸੁਖਚੈਨ ਸਿੰਘ, ਸੁਖਵੰਤ ਸਿੰਘ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।