ਡਾ. ਚੱਬੇਵਾਲ ਨੇ ਸੜਕਾਂ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਚੱਬੇਵਾਲ ਵੱਲੋਂ ਗੁਰਦੁਆਰਾ ਟਿੱਬਾ ਸਾਹਿਬ ਅਤੇ ਥੇਹ ਸ਼ਰਕੰਡੀ ਨੂੰ ਜਾਂਦੀਆਂ ਸੜਕਾਂ ਦੇ ਚੌੜੀਕਰਨ ਦਾ ਉਦਘਾਟਨ
Publish Date: Sat, 07 Nov 2026 07:38 PM (IST)
Updated Date: Sat, 07 Nov 2026 07:38 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਲਿੰਕ ਰੋਡ ਤੋਂ ਗੁਰਦੁਆਰਾ ਟਿੱਬਾ ਸਾਹਿਬ ਤੇ ਥੇਹ ਸ਼ਰਕੰਡੀ ਨੂੰ ਜਾਂਦੀਆਂ ਨਵੀਆਂ ਚੌੜੀਆਂ ਕੀਤੀਆਂ ਸੜਕਾਂ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਇਲਾਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਸ਼ਰਧਾਲੂਆਂ ਤੇ ਇਲਾਕਾ ਨਿਵਾਸੀਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ 50 ਲੱਖ ਰੁਪਏ ਦੀ ਲਾਗਤ ਨਾਲ 500 ਮੀਟਰ ਲੰਬੀ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਵਾਜਾਈ ਹੋਰ ਸੁਚਾਰੂ ਹੋਵੇਗੀ, ਰਾਹਗੀਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਘਟਣਗੀਆਂ ਤੇ ਗੁਰਦੁਆਰਾ ਟਿੱਬਾ ਸਾਹਿਬ ਤੇ ਥੇਹ ਸ਼ਰਕੰਦੀ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਰਸਤਾ ਮਿਲੇਗਾ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਸਨੀਕ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਨੂੰ ਚੌੜਾ ਕਰਨ ਦੀ ਮੰਗ ਕਰ ਰਹੇ ਸਨ। ਕੁਝ ਮਹੀਨੇ ਪਹਿਲਾਂ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਇਹ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਚੌੜੀ ਕੀਤੀ ਗਈ ਸੜਕ ਲੋਕਾਂ ਨੂੰ ਸਮਰਪਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਧਾਰਮਿਕ ਅਸਥਾਨਾਂ ’ਤੇ ਸਾਲ ਭਰ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ ਤੇ ਸੜਕ ਦੀ ਬਿਹਤਰ ਸਹੂਲਤ ਨਾਲ ਉਨ੍ਹਾਂ ਨੂੰ ਆਵਾਜਾਈ ਵਿੱਚ ਕਾਫ਼ੀ ਆਸਾਨੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ’ਤੇ ਲਗਭਗ 25 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਤਾਂ ਜੋ ਸੜਕੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਮਿਲ ਸਕੇ। ਡਾ. ਚੱਬੇਵਾਲ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਫਗਵਾੜਾ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਲਿਆਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਜੀ ਸ੍ਰੀ ਹਜ਼ੂਰ ਸਾਹਿਬ ਵਾਲੇ, ਸੰਤ ਬਾਬਾ ਹਰਜਿੰਦਰ ਸਿੰਘ, ਡੇਰਾ ਬਾਬਾ ਇਸ਼ਾਧਾਰੀ ਥੇਹ (ਸਪਰੋੜ) ਤੋਂ ਬਾਬਾ ਕੈਲਾਸ਼ ਗਿਰੀ ਜੀ, ਆਪ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ, ਕਾਲਾ ਅਠੋਲੀ, ਗੁਰਪਾਲ ਸਿੰਘ ਪਾਲਾ ਮੌਲੀ, ਸਰਪੰਚ ਸਪਰੋੜ ਦਵਿੰਦਰ ਸਿੰਘ, ਸਰਪੰਚ ਨੰਗਲ ਮਾਝਾ ਰਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।