ਚੱਬੇਵਾਲ ਵੱਲੋਂ ਸੜਕਾਂ ਦੇ ਚੌੜੀਕਰਨ ਦਾ ਉਦਘਾਟਨ ਚੱਬੇਵਾਲ ਵੱਲੋਂ ਗੁਰਦੁਆਰਾ ਟਿੱਬਾ ਸਾਹਿਬ ਅਤੇ ਥੇਹ ਸ਼ਰਕੰਡੀ ਨੂੰ ਜਾਂਦੀਆਂ ਸੜਕਾਂ ਦੇ ਚੌੜੀਕਰਨ ਦਾ ਉਦਘਾਟਨ
Publish Date: Fri, 06 Nov 2026 08:56 PM (IST)
Updated Date: Sat, 07 Nov 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਲੰਿਕ ਰੋਡ ਤੋਂ ਗੁਰਦੁਆਰਾ ਟਿੱਬਾ ਸਾਹਿਬ ਅਤੇ ਥੇਹ ਸ਼ਰਕੰਡੀ ਨੂੰ ਜਾਂਦੀਆਂ ਨਵੀਆਂ ਚੌੜੀਆਂ ਕੀਤੀਆਂ ਸੜਕਾਂ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਇਲਾਕੇ ’ਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਰਧਾਲੂਆਂ ਤੇ ਇਲਾਕਾ ਨਿਵਾਸੀਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ 50 ਲੱਖ ਰੁਪਏ ਦੀ ਲਾਗਤ ਨਾਲ 500 ਮੀਟਰ ਲੰਬੀ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਵਾਜਾਈ ਹੋਰ ਸੁਚਾਰੂ ਹੋਵੇਗੀ, ਰਾਹਗੀਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਘਟਣਗੀਆਂ ਅਤੇ ਗੁਰਦੁਆਰਾ ਟਿੱਬਾ ਸਾਹਿਬ ਤੇ ਥੇਹ ਸ਼ਰਕੰਦੀ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਰਸਤਾ ਮਿਲੇਗਾ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਸਨੀਕ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਨੂੰ ਚੌੜਾ ਕਰਨ ਦੀ ਮੰਗ ਕਰ ਰਹੇ ਸਨ। ਕੁਝ ਮਹੀਨੇ ਪਹਿਲਾਂ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਇਹ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਚੌੜੀ ਕੀਤੀ ਗਈ ਸੜਕ ਲੋਕਾਂ ਨੂੰ ਸਮਰਪਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਧਾਰਮਿਕ ਅਸਥਾਨਾਂ ’ਤੇ ਸਾਲ ਭਰ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ ਅਤੇ ਸੜਕ ਦੀ ਬਿਹਤਰ ਸਹੂਲਤ ਨਾਲ ਉਨ੍ਹਾਂ ਨੂੰ ਆਵਾਜਾਈ ਵਿੱਚ ਕਾਫ਼ੀ ਆਸਾਨੀ ਹੋਵੇਗੀ। ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਬਿਹਤਰ ਕਨੈਕਟੀਵਿਟੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫਗਵਾੜਾ ਵਿੱਚ ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਲਈ ਇੱਕ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ’ਤੇ ਲਗਭਗ 25 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਤਾਂ ਜੋ ਸੜਕੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਤਹਿਤ ਪਿੰਡਾਂ, ਧਾਰਮਿਕ ਅਸਥਾਨਾਂ ਅਤੇ ਹੋਰ ਮਹੱਤਵਪੂਰਨ ਜਨਤਕ ਥਾਵਾਂ ਨੂੰ ਜੋੜਨ ਵਾਲੀਆਂ ਸੜਕਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅਜਿਹੇ ਪ੍ਰੋਜੈਕਟਾਂ ਦਾ ਉਦੇਸ਼ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਦੇ ਨਾਲ-ਨਾਲ ਸ਼ਰਧਾਲੂਆਂ ਦੇ ਸਫ਼ਰ ਨੂੰ ਵੀ ਵਧੇਰੇ ਆਰਾਮਦਾਇਕ ਅਤੇ ਸੁਖਾਲਾ ਬਣਾਉਣਾ ਹੈ। ਡਾ. ਚੱਬੇਵਾਲ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਫਗਵਾੜਾ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਲਿਆਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਜੀ ਸ੍ਰੀ ਹਜ਼ੂਰ ਸਾਹਿਬ ਵਾਲੇ, ਸੰਤ ਬਾਬਾ ਹਰਜਿੰਦਰ ਸਿੰਘ, ਡੇਰਾ ਬਾਬਾ ਇਸ਼ਾਧਾਰੀ ਥੇਹ (ਸਪਰੋੜ) ਤੋਂ ਬਾਬਾ ਕੈਲਾਸ਼ ਗਿਰੀ ਜੀ, ਆਪ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ, ਕਾਲਾ ਅਠੋਲੀ, ਗੁਰਪਾਲ ਸਿੰਘ ਪਾਲਾ ਮੌਲੀ, ਸਰਪੰਚ ਸਪਰੋੜ ਦਵਿੰਦਰ ਸਿੰਘ, ਸਰਪੰਚ ਨੰਗਲ ਮਾਝਾ ਰਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।