ਚੱਬੇਵਾਲ ਨੇ ਨਿਰਮਾਣ ਕਾਰਜ ਦਾ ਕੀਤਾ ਨਿਰੀਖਣ ਚੱਬੇਵਾਲ ਵੱਲੋਂ ਡਾ. ਬੀ.ਆਰ. ਅੰਬੇਡਕਰ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਦਾ ਨਿਰੀਖਣ
Publish Date: Sun, 22 Nov 2026 08:18 PM (IST)
Updated Date: Sun, 22 Nov 2026 08:19 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਫਗਵਾੜਾ ਸਬ-ਡਿਵੀਜ਼ਨ ਦੇ ਪਿੰਡ ਢੱਕ ਪੰਡੋਰੀ ਵਿਖੇ ਬਣ ਰਹੇ ਡਾ. ਬੀਆਰ. ਅੰਬੇਡਕਰ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ ਤੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਹ ਕਮਿਊਨਿਟੀ ਹਾਲ 20 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਤੇ ਅਗਲੇ ਤਿੰਨ ਮਹੀਨਿਆਂ ਅੰਦਰ ਇਸ ਦਾ ਨਿਰਮਾਣ ਕਾਰਜ ਮੁਕੰਮਲ ਹੋਣ ਦੀ ਉਮੀਦ ਹੈ। ਮੇਅਰ ਰਾਮਪਾਲ ਉੱਪਲ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਦੀ ਮੌਜੂਦਗੀ ਵਿੱਚ ਸੰਸਦ ਮੈਂਬਰ ਨੇ ਕਿਹਾ ਕਿ ਇਹ ਕਮਿਊਨਿਟੀ ਹਾਲ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਉਨ੍ਹਾਂ ਨੂੰ ਸਮਾਜਿਕ, ਸੱਭਿਆਚਾਰਕ ਤੇ ਭਾਈਚਾਰਕ ਗਤੀਵਿਧੀਆਂ ਲਈ ਇੱਕ ਆਧੁਨਿਕ ਤੇ ਸਮਰਪਿਤ ਸਥਾਨ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ, ਬੁਨਿਆਦੀ ਢਾਂਚੇ ਦੇ ਵਿਕਾਸ ਤੇ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਕਰਨ ਤੇ ਕੇਂਦਰਿਤ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਤੇ ਲੋਕ ਭਲਾਈ ਦੇ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਤੇ ਆਉਣ ਵਾਲੇ ਮਹੀਨਿਆਂ ਵਿੱਚ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਨਵੇਂ ਉਪਰਾਲੇ ਕੀਤੇ ਜਾਣਗੇ। ਡਾ. ਚੱਬੇਵਾਲ ਨੇ ਕਿਹਾ ਕਿ ਇਹ ਕਮਿਊਨਿਟੀ ਹਾਲ ਸਮਾਜਿਕ ਇਕੱਠਾਂ, ਵਿੱਦਿਅਕ ਪ੍ਰੋਗਰਾਮਾਂ, ਸੱਭਿਆਚਾਰਕ ਸਮਾਗਮਾਂ ਤੇ ਜਾਗਰੂਕਤਾ ਮੁਹਿੰਮਾਂ ਲਈ ਸਾਂਝੇ ਮੰਚ ਵਜੋਂ ਕੰਮ ਕਰੇਗਾ। ਇਸ ਨਾਲ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹ ਮਿਲਣ ਦੇ ਨਾਲ-ਨਾਲ ਸਮਾਜਿਕ ਸਦਭਾਵਨਾ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਸਰਕਾਰ ਸ਼ਹਿਰੀ ਤੇ ਪੇਂਡੂ ਦੋਵਾਂ ਖੇਤਰਾਂ ਦੇ ਸੰਤੁਲਿਤ ਵਿਕਾਸ ਲਈ ਵਚਨਬੱਧ ਹੈ ਤੇ ਇਸ ਤਹਿਤ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।