ਸੜਕ ਨਿਰਮਾਣ ਕਾਰਜ ’ਚ ਗੁਣਵੱਤਾ ਨੂੰ ਯਕੀਨੀ ਬਣਾਓ : ਡਾ. ਰਾਜ ਚੱਬੇਵਾਲ ਵੱਲੋਂ ਭੁੱਲਾਰਾਈ ਵਿੱਚ ਸੜਕ ਨਿਰਮਾਣ ਕਾਰਜ ਦਾ ਨਿਰੀਖਣ, ਗੁਣਵੱਤਾ ਦੇ ਮਿਆਰਾਂ ਨੂੰ ਯਕੀਨੀ ਬਣਾਉਣ ’ਤੇ ਜ਼ੋਰ
Publish Date: Thu, 29 Oct 2026 09:35 PM (IST)
Updated Date: Thu, 29 Oct 2026 09:37 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਸਬ-ਡਿਵੀਜ਼ਨ ਦੇ ਪਿੰਡ ਭੁੱਲਾਰਾਈ ਵਿਖੇ 4 ਕਿਲੋਮੀਟਰ ਲੰਬੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ। ਇਸ ਸੜਕ ਦਾ ਨਿਰਮਾਣ ਪੰਜਾਬ ਸਰਕਾਰ ਵੱਲੋਂ 80 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ। ਲੋਕ ਨਿਰਮਾਣ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਸਦ ਮੈਂਬਰ ਨੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਤੇ ਠੇਕੇਦਾਰ ਵੱਲੋਂ ਵਰਤੀ ਜਾ ਰਹੀ ਸਮੱਗਰੀ ਦੀ ਜਾਂਚ ਕੀਤੀ। ਉਨ੍ਹਾਂ ਨਿਰਮਾਣ ਕਾਰਜ ਕਰਵਾਉਣ ਵਾਲੀ ਏਜੰਸੀ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੰਮ ਵਿੱਚ ਮਿਆਰੀ ਸਮੱਗਰੀ ਦੀ ਵਰਤੋਂ ਤੇ ਨਿਰਧਾਰਤ ਉਸਾਰੀ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਡਾ. ਚੱਬੇਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੜਕੀ ਬੁਨਿਆਦੀ ਢਾਂਚੇ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਨਿਰਧਾਰਤ ਮਾਪਦੰਡਾਂ ਤੇ ਤਕਨੀਕੀ ਵਿਸ਼ੇਸ਼ਤਾਵਾਂ ਅਨੁਸਾਰ ਹੀ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਗਵਾੜਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ ਤੇ ਸਬ-ਡਿਵੀਜ਼ਨ ਵਿੱਚ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਤੇ ਸੁਖਾਲੀ ਆਵਾਜਾਈ ਮੁਹੱਈਆ ਕਰਵਾਉਣ ਲਈ ਸੜਕਾਂ ਦੀ ਮੁਰੰਮਤ, ਨਵੇਂ ਨਿਰਮਾਣ ਤੇ ਚੌੜਾਈ ਵਧਾਉਣ ਦੇ ਕੰਮ ਕੀਤੇ ਜਾ ਰਹੇ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਦੇ ਵਿਕਾਸ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸੜਕਾਂ ਦੇ ਨਿਰਮਾਣ, ਸੀਵਰੇਜ ਸਹੂਲਤਾਂ ਤੇ ਹੋਰ ਜ਼ਰੂਰੀ ਨਾਗਰਿਕ ਸਹੂਲਤਾਂ ਨਾਲ ਸਬੰਧਤ ਕੰਮ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਸਕੇ। ਵਿਕਾਸ ਕਾਰਜਾਂ ਦਾ ਲਾਭ ਹਰ ਇਲਾਕੇ ਤੱਕ ਪਹੁੰਚਾਉਣ ’ਤੇ ਜ਼ੋਰ ਦਿੰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਕੋਈ ਵੀ ਇਲਾਕਾ ਵਿਕਾਸ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਫਗਵਾੜਾ ਵਿੱਚ ਵਿਕਾਸ ਕਾਰਜਾਂ ਦੀ ਤੇਜ਼ ਰਫ਼ਤਾਰ ਲੋਕਾਂ ਦੀਆਂ ਆਸਾਂ-ਉਮੀਦਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਨਾਗਰਿਕ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸਥਾਨਕ ਪੱਧਰ ’ਤੇ ਬੁਨਿਆਦੀ ਢਾਂਚੇ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।