ਚੱਬੇਵਾਲ ਨੇ ਦਾਣਾ ਮੰਡੀਆਂ ’ਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ ਚੱਬੇਵਾਲ ਵੱਲੋਂ ਰਿਹਾਣਾ ਜੱਟਾਂ ਅਤੇ ਰਾਵਲਪਿੰਡੀ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ
Publish Date: Sat, 24 Oct 2026 06:42 PM (IST)
Updated Date: Sat, 24 Oct 2026 06:46 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ਨੀਵਾਰ ਨੂੰ ਫਗਵਾੜਾ ਸਬ-ਡਿਵੀਜ਼ਨ ਅਧੀਨ ਪੈਂਦੀਆਂ ਰਿਹਾਣਾ ਜੱਟਾਂ ਤੇ ਰਾਵਲਪਿੰਡੀ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਤੇ ਮੰਡੀ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਡਾ. ਚੱਬੇਵਾਲ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਹੁਣ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 6,09,904 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜੋ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੀ ਅਨੁਮਾਨਿਤ ਆਮਦ 7,88,272 ਮੀਟ੍ਰਿਕ ਟਨ ਦਾ 77.37 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਜਾਰੀ ਹੈ। ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਐੱਮਪੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਝੋਨੇ ਦੀ ਸਮੇਂ ਸਿਰ ਖਰੀਦ, ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਖਰੀਦੀ ਗਈ ਫ਼ਸਲ ਦੇ ਬਦਲੇ 1,423.38 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਗਏ ਹਰ ਦਾਣੇ ਦੀ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਪ੍ਰਸ਼ਾਸਨ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਨਾਲ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਜਾਰੀ ਰੱਖਣ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਤੇ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ।