ਚਰਨਜੀਤ ਸਿੰਘ ਹੰਸ ਜ਼ਿਲ੍ਹਾ ਚੇਅਰਮੈਨ ਨਿਯੁਕਤ
ਆਲ ਇੰਡੀਆ ਕਾਂਗਰਸ ਕਮੇਟੀ (ਐਸ.ਸੀ. ਡਿਪਾਰਟਮੇਂਟ) ਦੀ ਵਿਸ਼ੇਸ਼ ਮੀਟਿੰਗ ਦੌਰਾਨ ਚਰਨਜੀਤ ਸਿੰਘ ਹੰਸ ਨੂੰ ਜ਼ਿਲ੍ਹਾ ਚੇਅਰਮੈਨ ਨਿਯੁਕਤ
Publish Date: Mon, 08 Jun 2026 07:33 PM (IST)
Updated Date: Mon, 08 Jun 2026 07:35 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਲ ਇੰਡੀਆ ਕਾਂਗਰਸ ਕਮੇਟੀ (ਐੱਸਸੀ ਵਿਭਾਗ) ਦੀ ਇਕ ਵਿਸ਼ੇਸ਼ ਮੀਟਿੰਗ ਏਕਤਾ ਭਵਨ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਮਾਜਿਕ ਨਿਆਂ ਤੇ ਦਲਿਤ ਭਾਈਚਾਰੇ ਨਾਲ ਸਬੰਧਤ ਮਸਲਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਫ਼ੈਸਲੇ ਵੀ ਲਏ ਗਏ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ (ਐੱਸਸੀ ਵਿਭਾਗ) ਚੰਡੀਗੜ੍ਹ ਵੱਲੋਂ ਚਰਨਜੀਤ ਸਿੰਘ ਹੰਸ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ (ਐੱਸਸੀ ਵਿਭਾਗ) ਦਾ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ’ਤੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਚਰਨਜੀਤ ਸਿੰਘ ਹੰਸ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਹੰਸ ਪਾਰਟੀ ਦੇ ਨਿਸ਼ਠਾਵਾਨ ਤੇ ਮਿਹਨਤੀ ਵਰਕਰ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਹੰਸ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਐੱਸਸੀ ਵਿਭਾਗ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕਰਨਗੇ। ਆਪਣੀ ਨਿਯੁਕਤੀ ਤੇ ਚਰਨਜੀਤ ਸਿੰਘ ਹੰਸ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ, ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਪਾਰਟੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਤੇ ਜਤਾਏ ਗਏ ਭਰੋਸੇ ਨੂੰ ਉਹ ਕਦੇ ਵੀ ਟੁੱਟਣ ਨਹੀਂ ਦੇਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ। ਚਰਨਜੀਤ ਸਿੰਘ ਹੰਸ ਨੇ ਕਿਹਾ ਕਿ ਐੱਸਸੀ ਵਿਭਾਗ ਦੀ ਪੁਰਾਣੀ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਹੈ ਤੇ ਜਲਦ ਹੀ ਜ਼ਿਲ੍ਹਾ ਪੱਧਰ ਤੇ ਨਵੀਂ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿਚ ਸਮਰਪਿਤ ਤੇ ਸਰਗਰਮ ਵਰਕਰਾਂ ਨੂੰ ਯੋਗ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐੱਸਸੀ ਵਿਭਾਗ ਨੂੰ ਹੋਰ ਮਜ਼ਬੂਤ ਬਣਾਉਣ ਤੇ ਸਮਾਜ ਦੇ ਹਰੇਕ ਵਰਗ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਮੀਟਿੰਗ ਦੇ ਅੰਤ ਵਿਚ ਸਾਰੇ ਆਗੂਆਂ ਤੇ ਵਰਕਰਾਂ ਨੇ ਚਰਨਜੀਤ ਸਿੰਘ ਹੰਸ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।