ਸੁਖਪਾਲ ਸਿੰਘ ਹੁੰਦਲ, ਕਪੂਰਥਲਾ : ਮੁੱਖ ਮੰਤਰੀ ਪੰਜਾਬ ਦੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਵਿਖੇ 400 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਪ੍ਰਰਾਜੈਕਟ 23 ਅਕਤੂਬਰ ਨੂੰ ਲੋਕ ਅਰਪਣ ਕਰ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਬਰਾਸਤਾ ਸੁਭਾਨਪੁਰ-ਬਿਆਸ-ਬਟਾਲਾ ਸੜਕ ਦਾ ਨਾਮਕਰਨ 'ਗੁਰੂ ਨਾਨਕ ਮਾਰਗ' ਵਜੋਂ ਕਰਨ ਦੀ ਰਸਮ ਵੀ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੋਵਾਂ ਇਤਿਹਾਸਕ ਸ਼ਹਿਰਾਂ ਨੂੰ ਜੋੜਦੀ ਇਸ ਸੜਕ ਨੂੰ 33 ਫੁੱਟ ਚੌੜਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਡੀਜੀਪੀ ਦਿਨਕਰ ਗੁਪਤਾ ਤੇ ਵੱਖ-ਵੱਖ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਨਾਲ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੂਰੀ ਸਮਰਪਣ ਭਾਵਨਾ ਨਾਲ ਸਮਾਗਮਾਂ ਨੂੰ ਸਫਲ ਬਣਾਉਣ ਲਈ ਯਤਨ ਕਰਨ, ਕਿਉਂ ਜੋ 60 ਲੱਖ ਤੋਂ ਵੱਧ ਸ਼ੁਰਧਾਲੂਆਂ ਦੀ ਆਮਦ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਰਧਾਲੂਆਂ ਉੱਪਰ ਘੱਟੋ-ਘੱਟ ਰੋਕਾਂ ਲਗਾਈਆਂ ਜਾਣ, ਤਾਂ ਜੋ ਉਹ ਇਸ ਪਾਵਨ ਅਵਸਰ ਦਾ ਪੂਰਨ ਆਨੰਦ ਉਠਾ ਸਕਣ। ਉਨ੍ਹਾਂ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਆਉਂਦੀਆਂ ਸੜਕਾਂ ਤੇ ਚੌਕਾਂ ਉੱਪਰ ਵੱਖ-ਵੱਖ ਤਰ੍ਹਾਂ ਦੇ ਸਾਈਨ ਬੋਰਡ ਲੱਗੇ ਹੋਣ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਸਾਰੇ ਬੋਰਡ ਨੀਲੇ ਰੰਗ ਦੇ ਲਗਾਏ ਜਾਣ, ਤਾਂ ਜੋ ਇਨ੍ਹਾਂ ਵਿਚ ਇਕਸਾਰਤਾ ਲਿਆਂਦੀ ਜਾ ਸਕੇ। ਉਨ੍ਹਾਂ ਦੁਕਾਨਾਂ ਤੇ ਹੋਰ ਇਮਾਰਤਾਂ ਨੂੰ ਵਿਰਾਸਤੀ ਦਿੱਖ ਦੇਣ ਲਈ ਲਗਾਏ ਜਾ ਰਹੇ ਵਿਸ਼ੇਸ਼ ਬੋਰਡ ਸਾਰੇ ਸ਼ਹਿਰ ਵਿਚ ਲਗਾਉਣ ਲਈ ਵੀ ਕਿਹਾ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਸਮਾਗਮਾਂ ਦੌਰਾਨ ਬਿਹਤਰ ਤਾਲਮੇਲ ਲਈ ਇਕ ਪਾਕੇਟ ਸਾਈਜ਼ ਕਿਤਾਬਚਾ ਛਪਵਾਉਣ ਦੀ ਸੰਭਾਵਨਾ ਤਲਾਸ਼ਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਸ਼ਰਧਾਲੂਆਂ ਦੀ ਤੇਜ਼ੀ ਨਾਲ ਵੱਧ ਰਹੀ ਆਮਦ ਦੇ ਮੱਦੇਨਜ਼ਰ ਪਾਰਕਿੰਗ ਵਾਲੀਆਂ ਥਾਵਾਂ ਤੋਂ ਗੁਰਦੁਆਰਾ ਸਾਹਿਬ ਜਾਣ ਲਈ ਮਿੰਨੀ ਬੱਸਾਂ ਤੇ ਈ-ਰਿਕਸ਼ੇ ਮਿੱਥੇ ਸਮੇਂ ਤੋਂ ਪਹਿਲਾਂ ਚਲਾਉਣ ਦੇ ਹੁਕਮ ਦਿੱਤੇ। ਪਵਿੱਤਰ ਬੇਈਂ ਦੇ ਕੰਿਢਆਂ ਦੇ ਸੁੰਦਰੀਕਰਨ ਦੀ ਹੌਲੀ ਰਫ਼ਤਾਰ ਦਾ ਨੋਟਿਸ ਲੈਂਦਿਆਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬੇਈਂ ਵਿਚ 500 ਕਿਊਸਿਕ ਪਾਣੀ ਛੱਡਿਆ ਜਾਣਾ ਹੈ, ਜਿਸ ਕਰਕੇ ਬੇਈਂ ਨਾਲ ਸਬੰਧਤ ਪ੍ਰਰਾਜੈਕਟ ਜਲਦ ਮੁਕੰਮਲ ਕੀਤੇ ਜਾਣ। ਇਸ ਮੌਕੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਸਤੀਸ਼ ਚੰਦਰਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਏਡੀਜੀਪੀ ਈਸ਼ਵਰ ਸਿੰਘ, ਕਮਿਸ਼ਨਰ ਜਲੰਧਰ ਡਵੀਜ਼ਨ ਬੀਪੁਰੂਸ਼ਾਰਥਾ, ਆਈਜੀ ਨੌਨਿਹਾਲ ਸਿੰਘ, ਜਸਕਰਨ ਸਿੰਘ, ਡਿਪਟੀ ਕਮਿਸ਼ਨਰ ਇੰਜੀਨੀਅਰ ਡੀਪੀਐੱਸ ਖਰਬੰਦਾ, ਐੱਸਐੱਸਪੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐੱਸਡੀਐੱਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਮੇਲਾ ਅਫ਼ਸਰ ਨਵਨੀਤ ਕੌਰ ਬੱਲ, ਐੱਸਪੀ ਤੇਜਬੀਰ ਸਿੰਘ ਹੁੰਦਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।