ਛੱਤੀਸਗੜ੍ਹ ਸਰਕਾਰ ਧਾਰਮਿਕ ਆਜ਼ਾਦੀ ਬਿੱਲ ਤੁਰੰਤ ਵਾਪਸ ਲਵੇ : ਸਰਬਜੀਤ ਰਾਜ
ਛੱਤੀਸਗੜ੍ਹ ਸਰਕਾਰ ਨੂੰ ਧਾਰਮਿਕ ਆਜ਼ਾਦੀ ਬਿੱਲ 2026 ਤੁਰੰਤ ਵਾਪਸ ਲੈਣਾ ਚਾਹੀਦਾ ਹੈ : ਸਰਬਜੀਤ ਰਾਜ
Publish Date: Thu, 02 Apr 2026 07:01 PM (IST)
Updated Date: Thu, 02 Apr 2026 07:04 PM (IST)

ਕਿਹਾ : ਕੇਂਦਰ ਸਰਕਾਰ ਦੇਸ਼ ’ਚ ਘੱਟ-ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਛੱਤੀਸਗੜ੍ਹ ਵਿਚ ਪਾਸ ਹੋਏ ਧਰਮ ਆਜ਼ਾਦੀ ਬਿੱਲ 2026 ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਵਧ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਨੇ ਕਾਨੂੰਨ ਦੇ ਖਿਲਾਫ ਸਖ਼ਤ ਸਟੈਂਡ ਲੈਂਦੇ ਹੋਏ ਕਿਹਾ ਕਿ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਤੇ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਆਪਣੇ ਧਰਮ ਦਾ ਪਾਲਣ ਤੇ ਪ੍ਰਚਾਰ ਕਰਨ ਦੀ ਆਜ਼ਾਦੀ ਦੀ ਗਰੰਟੀ ਦਿੰਦਾ ਹੈ। ਉਨ੍ਹਾਂ ਨੇ ਭਗਤੀ ਸ਼ਬਦ ਦੀ ਸਪੱਸ਼ਟ ਪਰਿਭਾਸ਼ਾ ਦੀ ਮੰਗ ਕੀਤੀ ਤੇ ਕਿਹਾ ਕਿ ਸਵੈ-ਇੱਛਾ ਨਾਲ ਧਰਮ ਅਪਣਾਉਣ ਜਾਂ ਪ੍ਰਚਾਰ ਕਰਨ ’ਤੇ ਕੋਈ ਪਾਬੰਦੀ ਨਹੀਂ ਹੋਣੀ ਚਾਹੀਦੀ। ਕਾਨੂੰਨ ਨੂੰ ਦਮਨਕਾਰੀ ਦੱਸਦਿਆਂ ਸਰਬਜੀਤ ਰਾਜ ਨੇ ਕਿਹਾ ਕਿ ਇਹ ਈਸਾਈ ਭਾਈਚਾਰੇ ਨੂੰ ਨਿਸ਼ਾਨਾ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਈਸਾਈਆਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਹੈ ਤੇ ਉਨ੍ਹਾਂ ਨੂੰ ਝੂਠੇ ਮਾਮਲਿਆਂ ਵਿਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਛੱਤੀਸਗੜ੍ਹ ਸਰਕਾਰਾਂ ਸੰਵਿਧਾਨ ਦੀ ਧਾਰਾ 25 ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਸਾਰੇ ਧਰਮਾਂ ਨੂੰ ਬਰਾਬਰ ਸੁਰੱਖਿਆ ਤੇ ਸਤਿਕਾਰ ਪ੍ਰਦਾਨ ਕਰਨ, ਧਾਰਮਿਕ ਆਜ਼ਾਦੀ ਵਿਚ ਦਖਲਅੰਦਾਜ਼ੀ ਬੰਦ ਕਰਨ, ਕਿਸੇ ਵਿਸ਼ੇਸ਼ ਭਾਈਚਾਰੇ ਨਾਲ ਵਿਤਕਰਾ ਨਾ ਕਰਨ, ਝੂਠੇ ਮਾਮਲਿਆਂ ਰਾਹੀਂ ਪਰੇਸ਼ਾਨੀ ਬੰਦ ਕਰਨ ਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਧਰਮ ਆਜ਼ਾਦੀ ਬਿੱਲ, 2026 ਨੂੰ ਤੁਰੰਤ ਵਾਪਸ ਲਵੇ। ਇਸ ਤੋਂ ਇਲਾਵਾ ਝੂਠੇ ਕੇਸ ਬੰਦ ਕਰਨ, ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨ ਤੇ ਪ੍ਰਸ਼ਾਸਨਿਕ ਦਖਲਅੰਦਾਜ਼ੀ ਖਤਮ ਕਰਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਈਸਾਈ ਭਾਈਚਾਰੇ ਦੀ ਇਹ ਲੜਾਈ ਸੰਵਿਧਾਨਕ ਅਧਿਕਾਰਾਂ ਲਈ ਹੈ। ਅੰਤ ਵਿਚ ਸਰਬਜੀਤ ਰਾਜ ਨੇ ਕੇਂਦਰ ਸਰਕਾਰ ਤੋਂ ਦੇਸ਼ ਵਿਚ ਘੱਟ-ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ।