ਸਰਕਾਰੀ ਖਜ਼ਾਨੇ ਨਾਲ ਸਿਆਸੀ ਪ੍ਰਚਾਰ ਕਰ ਰਹੇ ਮਾਨ : ਜਥੇ. ਖਲਵਾੜਾ ਹਰ ਵਰਗ ਦੇ ਹੱਕ ਮਾਰ ਕੇ ਪਾਰਟੀ ਦਾ ਪ੍ਰਚਾਰ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ : ਜਥੇਦਾਰ ਸਰੂਪ ਸਿੰਘ ਖਲਵਾੜਾ
Publish Date: Mon, 31 Aug 2026 08:29 PM (IST)
Updated Date: Mon, 31 Aug 2026 08:31 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸੂਬੇ ਦੇ ਹਰੇਕ ਵਰਗ ਦੇ ਹੱਕਾਂ ਦੀ ਅਣਦੇਖੀ ਕਰਨ ਤੇ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਸਿਆਸੀ ਪ੍ਰਚਾਰ ਲਈ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਪਾਰਟੀ ਦੀ ਪ੍ਰਮੋਸ਼ਨ ਤੇ ਸਿਆਸੀ ਇਮੇਜ ਚਮਕਾਉਣ ਵੱਲ ਜ਼ਿਆਦਾ ਹੈ। ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਈਕੋਰਟ ਵੱਲੋਂ ਫੰਡਾਂ ਦੀ ਦੁਰਵਰਤੋਂ ਤੇ ਮੁਲਾਜ਼ਮ ਵਰਗ ਦੇ ਹੱਕ ਦੇ ਪੈਸਿਆਂ ਦੀ ਅਦਾਇਗੀ ਨਾ ਕਰਨ ਨੂੰ ਲੈ ਕੇ ਜੇਕਰ ਫਟਕਾਰ ਲਗਾਈ ਜਾ ਰਹੀ ਹੈ ਤਾਂ ਇਸ ਨਾਲ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਖੁਸ਼ ਕਰਨ ਤੇ ਸਿਆਸੀ ਵਾਹ-ਵਾਹ ਖੱਟਣ ਲਈ ਮਿਹਨਤਕਸ਼ ਵਰਗ, ਮਜ਼ਦੂਰਾਂ, ਲੋੜਵੰਦਾਂ, ਵਿਦਿਆਰਥੀਆਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹੱਕ ‘ਤੇ ਡਾਕਾ ਮਾਰਿਆ ਜਾ ਰਿਹਾ ਹੈ। ਜਥੇਦਾਰ ਖਲਵਾੜਾ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਪੈਸਿਆਂ ਨਾਲ ਗਰੀਬਾਂ, ਮਜ਼ਦੂਰਾਂ, ਮਜ਼ਲੂਮਾਂ, ਵਿਦਿਆਰਥੀਆਂ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਹੋਣੀ ਚਾਹੀਦੀ ਹੈ, ਉਨ੍ਹਾਂ ਦੀ ਵਰਤੋਂ ਸਰਕਾਰ ਵੱਲੋਂ ਆਪਣੀ ਪਾਰਟੀ ਦੀ ਬ੍ਰਾਂਡਿੰਗ ਤੇ ਸਿਆਸੀ ਪ੍ਰਚਾਰ ਲਈ ਕੀਤੀ ਜਾ ਰਹੀ ਹੈ ਜਦਕਿ ਸਰਕਾਰੀ ਖ਼ਜ਼ਾਨਾ ਕਿਸੇ ਸਿਆਸੀ ਪਾਰਟੀ ਦੀ ਨਿੱਜੀ ਜਾਇਦਾਦ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਮਿਹਨਤ ਤੇ ਟੈਕਸਾਂ ਨਾਲ ਬਣਿਆ ਲੋਕਾਂ ਦਾ ਪੈਸਾ ਹੈ। ਉਨ੍ਹਾਂ ਕਿਹਾ ਕਿ ਇਸ ਪੈਸੇ ਦੀ ਵਰਤੋਂ ਕਿਸੇ ਸਿਆਸੀ ਪਾਰਟੀ ਦੀ ਲੋਕਪ੍ਰਿਯਤਾ ਵਧਾਉਣ ਲਈ ਨਹੀਂ, ਸਗੋਂ ਪੰਜਾਬ ਦੇ ਵਿਕਾਸ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਹੋਣੀ ਚਾਹੀਦੀ ਹੈ। ਸਰਕਾਰ ਨੂੰ ਸਿਆਸੀ ਪ੍ਰਚਾਰ ਤੇ ਫੋਕੀ ਸ਼ੋਹਰਤ ਹਾਸਲ ਕਰਨ ਦੀ ਬਜਾਏ ਸਭ ਤੋਂ ਪਹਿਲਾਂ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਔਰਤਾਂ ਤੇ ਲੋੜਵੰਦ ਵਰਗਾਂ ਦੇ ਜਾਇਜ਼ ਹੱਕ ਅਤੇ ਬਕਾਇਆ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ। ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਸਿਆਸੀ ਪ੍ਰਚਾਰ ਨੂੰ ਤਰਜੀਹ ਦੇਣ ਦੀ ਬਜਾਏ ਪੰਜਾਬ ਦੇ ਲੋਕਾਂ ਦੇ ਲੰਬਿਤ ਹੱਕਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ।