- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਬਣੇ ਜੰਗਲ ਰਾਜ ਲਈ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਦੇਣ: ਰਣਜੀਤ ਸਿੰਘ ਫਤਿਹ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਫਗਵਾੜਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲੁੱਟਾਂ-ਖੋਹਾਂ ਤੇ ਗੋਲੀਬਾਰੀ ਦੀਆਂ ਵਾਰਦਾਤਾਂ ਵਿੱਚ ਹੋ ਰਹੇ ਵਾਧੇ ਤੇ ਕੀਮਤੀ ਜਾਨਾਂ ਜਾਣ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਪ੍ਰਧਾਨ ਰਣਜੀਤ ਸਿੰਘ ਫਤਿਹ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਰਣਜੀਤ ਸਿੰਘ ਫਤਿਹ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਉੱਤਰ ਪ੍ਰਦੇਸ਼ ਤੇ ਬਿਹਾਰ ਵਿੱਚ ਕਾਨੂੰਨ-ਵਿਵਸਥਾ ਦੀ ਮਾੜੀ ਸਥਿਤੀ ਨੂੰ ਜੰਗਲ ਰਾਜ ਕਿਹਾ ਜਾਂਦਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵੀ ਅਜਿਹੇ ਹਾਲਾਤ ਪੈਦਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਫਗਵਾੜਾ ਵਿੱਚ ਆਏ ਦਿਨ ਵਾਪਰ ਰਹੀਆਂ ਲੁੱਟਾਂ-ਖੋਹਾਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਤੇ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੌਜੂਦਾ ਹਾਲਾਤ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਜ਼ਿੰਮੇਵਾਰ ਹੈ ਤੇ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਿੱਚ ਨਾਕਾਮ ਰਹੀ ਹੈ।
ਰਣਜੀਤ ਸਿੰਘ ਫਤਿਹ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ ਤੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਤਰੱਕੀ ਦੀ ਬਜਾਏ ਪਿੱਛੇ ਧੱਕਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਠੋਸ ਕਦਮ ਚੁੱਕੇ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਪਣਾ ਜੀਵਨ ਬਤੀਤ ਕਰ ਸਕਣ। ਪ੍ਰਧਾਨ ਰਣਜੀਤ ਸਿੰਘ ਫਤਿਹ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸੂਬਾ ਸਰਕਾਰ ’ਤੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਚਿੱਟੇ ਤੇ ਨਸ਼ੀਲੀਆਂ ਗੋਲੀਆਂ ਦੀ ਵਿਕਰੀ ਸ਼ਰੇਆਮ ਹੋ ਰਹੀ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬੇਅਸਰ ਸਾਬਤ ਹੋ ਰਹੀ ਹੈ।